ਦਿੱਲੀ ਵਾਂਗ ਪੰਜਾਬ ਵੀ ‘ਆਪ’ ਮੁਕਤ ਹੋਵੇਗਾ: ਸਚਦੇਵਾ
ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਮਾਰਚ
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਦਿੱਲੀ ਤੋਂ ਬਾਅਦ ਪੰਜਾਬ ਵੀ 2027 ਵਿੱਚ ‘ਆਪ’ ਮੁਕਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਡੇਰੇ ਲਾਉਣ ਦੀ ਤਿਆਰੀ ਕਰ ਰਹੇ ਹਨ। ਸਚਦੇਵਾ ਨੇ ਵਿਅੰਗ ਕਰਦਿਆਂ ਕਿਹਾ ਕਿ ਐਤਵਾਰ ਨੂੰ ਜਦੋਂ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਨਸ਼ਿਆਂ ਅਤੇ ਭ੍ਰਿਸ਼ਟਾਚਾਰ ’ਤੇ ਬੋਲ ਰਹੇ ਸਨ ਤਾਂ ਉਹੁ ਪੰਜਾਬ ਦੇ ਲੋਕਾਂ ਤੋਂ ਸਮਾਂ ਮੰਗ ਰਹੇ ਸਨ। ਫਿਰ ਦੋਹਾਂ ਨੂੰ ਆਪ ਹੀ ਅਹਿਸਾਸ ਹੋਇਆ ਕਿ ਸੁਣਨ ਵਾਲੇ ਉਨ੍ਹਾਂ ’ਤੇ ਹੱਸ ਰਹੇ ਸਨ। ਇਸ ਦੇ ਨਾਲ ਹੀ ਪੰਜਾਬ ਦੇ ਲੋਕ 2021 ਵਿੱਚ ਦੋਵਾਂ ਦੇ ਭਾਸ਼ਣਾਂ ਨੂੰ ਯਾਦ ਕਰ ਰਹੇ ਹਨ, ਜਿਸ ਵਿੱਚ ਇਹ ਦੋਵੇਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕਰ ਰਹੇ ਸਨ ਕਿ ਉਨ੍ਹਾਂ ਦੇ ਸੱਤਾ ਵਿੱਚ ਆਉਣ ਦੇ ਛੇ ਮਹੀਨਿਆਂ ਵਿੱਚ ਸੂਬੇ ਨੂੰ ਨਸ਼ਾ ਅਤੇ ਭ੍ਰਿਸ਼ਟਾਚਾਰ ਮੁਕਤ ਕਰ ਦੇਣਗੇ। ਸ੍ਰੀ ਸਚਦੇਵਾ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸਖ਼ਤ ਮਿਹਨਤ ਕਰਨ ਵਾਲੇ ਆਗੂਆਂ ਨੂੰ ਜਥੇਬੰਦੀ ਵਿੱਚ ਅਹਿਮ ਜ਼ਿੰਮੇਵਾਰੀਆਂ ਮਿਲਣਗੀਆਂ।
ਜਥੇਬੰਦੀ ਵਿੱਚ ਫੇਰਬਦਲ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਲਈ ਚੋਣ ਇੰਚਾਰਜ ਵੀ ਨਿਯੁਕਤ ਕਰ ਦਿੱਤੇ ਗਏ ਹਨ। ਬੂਥ ਪੱਧਰ ਤੱਕ ਬਦਲਾਅ ਕੀਤੇ ਜਾਣਗੇ।
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹਰ ਸੀਟ ਲਈ ਕਈ ਦਾਅਵੇਦਾਰ ਸਨ। ਕਈ ਵੱਡੇ ਆਗੂਆਂ ਨੂੰ ਟਿਕਟਾਂ ਨਹੀਂ ਮਿਲੀਆਂ। ਉਸ ਤੋਂ ਬਾਅਦ ਵੀ ਉਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਲਈ ਇਲਾਕੇ ਵਿੱਚ ਸਖ਼ਤ ਮਿਹਨਤ ਕੀਤੀ। ਹੁਣ ਜਦੋਂ ਜਥੇਬੰਦੀ ਵਿੱਚ ਫੇਰਬਦਲ ਦਾ ਦੌਰ ਸ਼ੁਰੂ ਹੋ ਰਿਹਾ ਹੈ ਤਾਂ ਉਨ੍ਹਾਂ ਆਗੂਆਂ ਨੂੰ ਜ਼ਿੰਮੇਵਾਰੀ ਮਿਲੇਗੀ। ਭਾਜਪਾ ਆਗੂਆਂ ਨੇ ਕਿਹਾ ਕਿ ਪਹਿਲਾਂ ਬੂਥ ਪੱਧਰੀ ਕਮੇਟੀਆਂ ਬਣਾਈਆਂ ਜਾਣਗੀਆਂ। ਉਸ ਤੋਂ ਬਾਅਦ ਮੁੜ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਅਧਿਕਾਰੀਆਂ ਦੀ ਚੋਣ ਕੀਤੀ ਜਾਵੇਗੀ। ਅੰਤ ਵਿੱਚ ਸੂਬਾ ਪ੍ਰਧਾਨ ਦੀ ਚੋਣ ਹੋਵੇਗੀ।
ਉਮੀਦ ਹੈ ਕਿ ਸਾਰੇ ਅਧਿਕਾਰੀਆਂ ਦੀ ਨਿਯੁਕਤੀ ਸਰਬਸੰਮਤੀ ਨਾਲ ਕੀਤੀ ਜਾਵੇਗੀ। ਜੇ ਵਰਕਰਾਂ ਵਿੱਚ ਸਹਿਮਤੀ ਨਾ ਬਣੀ ਤਾਂ ਉੱਥੇ ਚੋਣਾਂ ਕਰਵਾਈਆਂ ਜਾਣਗੀਆਂ।
ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਾਰੀ ਪ੍ਰਕਿਰਿਆ ਪਾਰਦਰਸ਼ੀ ਹੋਵੇਗੀ। ਸੰਗਠਨ ਨੂੰ ਮਜ਼ਬੂਤ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ।