ਦੁਕਾਨਦਾਰਾਂ ’ਤੇ ਹਮਲਾ: ਮੁਲਜ਼ਮਾਂ ਪੰਜ ਰੋਜ਼ਾ ਰਿਮਾਂਡ
ਜਲੰਧਰ (ਪੱਤਰ ਪ੍ਰੇਰਕ): ਇੱਥੇ ਮਿਲਾਪ ਚੌਕ ਨੇੜੇ ਸਥਿਤ ਚਾਂਪ ਵੇਚਣ ਵਾਲੇ ਭਰਾਵਾਂ ’ਤੇ ਕੁਝ ਦਿਨ ਪਹਿਲਾਂ ਹੋਏ ਹਮਲੇ ਦੇ ਮਾਮਲੇ ’ਚ ਪੁਲੀਸ ਨੇ ਗ੍ਰਿਫ਼ਤਾਰ ਮੁਲਜ਼ਮ ਸੌਰਵ ਸਿੰਘ ਵਾਸੀ ਪਿੰਡ ਮੁਕਰਾਨਾ ਤੇ ਸੌਰਵ ਸਿੰਘ ਵਾਸੀ ਪਿੰਡ ਝੁਗੀਆਂ ਕਲਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੰਜ ਰੋਜ਼ਾ ਰਿਮਾਂਡ ਹਾਸਲ ਕੀਤਾ ਹੈ। ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਨਿਹੰਗ ਸਿੰਘਾਂ ਦਾ ਭੇਸ ਧਾਰ ਕੇ ਕੁਝ ਨੌਜਵਾਨਾਂ ਨੇ ਚਾਂਪ ਕਾਰਨਰ ਦੇ ਮਾਲਕ ਭਰਾਵਾਂ ’ਤੇ ਹਮਲਾ ਕਰ ਦਿੱਤਾ ਸੀ। ਹਮਲੇ ’ਚ ਦੋਵੇਂ ਭਰਾ ਗੰਭੀਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਪੁਲੀਸ ਦਾ ਕਹਿਣਾ ਹੈ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਹੋਰ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੇ ਟਿਕਾਣਿਆਂ ’ਤੇ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ। ਫ਼ਿਲਹਾਲ ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਮਲੇ ਪਿੱਛੇ ਅਸਲ ਕਾਰਨ ਕੀ ਸੀ। ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਘਟਨਾ ਨਾਲ ਸਬੰਧਤ ਕੋਈ ਜਾਣਕਾਰੀ ਹੈ ਤਾਂ ਉਹ ਤੁਰੰਤ ਸਾਂਝੀ ਕਰਨ। ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।