ਦੁੱਗਾਂ, ਕੁੰਨਰਾਂ ਤੇ ਉਭਾਵਾਲ ਵਾਸੀਆਂ ਵੱਲੋਂ ਨਸ਼ਿਆਂ ਦੇ ਖ਼ਾਤਮੇ ਦਾ ਅਹਿਦ
ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 25 ਮਈ
ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦਾ ਖਾਤਮਾ ਕਰਨ ਸਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਪਿੰਡਾਂ ਤੇ ਸ਼ਹਿਰਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦੇ ਰੂਪ ਵਿੱਚ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਦੁੱਗਾਂ, ਕੁੰਨਰਾਂ ਤੇ ਉਭਾਵਾਲ ਵਿੱਚ ਕੀਤੀਆਂ ਮੀਟਿੰਗਾਂ ਦੌਰਾਨ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੇ ਨਸ਼ਿਆਂ ਖ਼ਿਲਾਫ਼ ਇਕਜੁਟਤਾ ਦਿਖਾਈ ਅਤੇ ਨਸ਼ਿਆਂ ਦੇ ਖਾਤਮੇ ਦਾ ਪ੍ਰਣ ਲਿਆ। ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਸਖ਼ਤ ਫੈਸਲਿਆਂ ਸਦਕਾ ਹੁਣ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਬਹੁਤੇ ਵਪਾਰੀ ਛੱਡ ਕੇ ਚਲੇ ਗਏ ਹਨ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨਾਂ ਵੱਲੋਂ ਵੀ ਸਵੈ-ਇੱਛਾ ਨਾਲ ਨਸ਼ਿਆਂ ਦਾ ਤਿਆਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰ ਪਿੰਡ ਤੇ ਹਰ ਗਲੀ ਨੂੰ ਨਸ਼ਾ-ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਕੀਤਾ ਜਾ ਰਿਹਾ ਹੈ, ਉੱਥੇ ਹੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਨੌਜ਼ਵਾਨਾਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਮੁੜ ਤੋਂ ਆਪਣੇ ਪੈਰਾਂ ’ਤੇ ਖੜ੍ਹੇ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ। ਇਸ ਮੌਕੇ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ। ਇਸ ਮੌਕੇ ਸੰਜੀਵ ਕੁਮਾਰ ਪੀ.ਏ., ਅਮਰੀਕ ਸਿੰਘ ਇੰਚਾਰਜ, ਤਹਿਸੀਲਦਾਰ ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਸਰਪੰਚ, ਦਲਵੀਰ ਸਿੰਘ ਸਰਪੰਚ ਦੁੱਗਾਂ, ਮੋਤਾ ਸਿੰਘ ਸਰਪੰਚ ਉੱਭਾਵਾਲ, ਵਿੱਕੀ ਸਿੰਘ ਸਰਪੰਚ ਕੁੰਨਰਾਂ, ਗੁਰਚਰਨ ਸਿੰਘ ਦੁੱਗਾਂ, ਮਿੱਠੂ ਸਿੰਘ ਦੁੱਗਾਂ, ਕੁਲਦੀਪ ਸਿੰਘ ਦੁੱਗਾਂ, ਸੰਦੀਪ ਸਿੰਘ ਦੁੱਗਾਂ, ਅਵਤਾਰ ਸਿੰਘ ਉੱਭਾਵਾਲ, ਮੁਲਖਾ ਸਿੰਘ ਕੁੰਨਰਾਂ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।