ਦੋਸਤਾਂ ਨਾਲ ਪਾਰਟੀ ’ਤੇ ਗਏ ਨੌਜਵਾਨ ਦੀ ਡੁੱਬਣ ਕਾਰਨ ਮੌਤ
ਗੁਰਦੀਪ ਸਿੰਘ ਟੱਕਰ/ਬਹਾਦਰਜੀਤ ਸਿੰਘ
ਮਾਛੀਵਾੜਾ/ਬਲਾਚੌਰ, 7 ਅਪਰੈਲ
ਸਤਲੁਜ ਦਰਿਆ ਕਿਨਾਰੇ ਵੱਸਦੇ ਪਿੰਡ ਨਾਨੋਵਾਲ ਮੰਡ ਦੇ ਨੌਜਵਾਨ ਮਨਜਿੰਦਰ ਸਿੰਘ (23) ਦੀ ਦਰਿਆ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਉਸ ਦੇ ਪਰਿਵਾਰ ਨੇ ਆਪਣੇ ਪੁੱਤਰ ਦਾ ਕਤਲ ਹੋਣ ਦਾ ਦੋਸ਼ ਲਗਾ ਕੇ ਜਾਂਚ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਆਪਣੇ ਦੋਸਤਾਂ ਨਾਲ ਸਤਲੁਜ ਦਰਿਆ ਕਿਨਾਰੇ ਪੰਜ ਅਪਰੈਲ ਸ਼ਾਮ ਨੂੰ ਇੱਕ ਦੋਸਤ ਦੀ ਜਨਮ ਦਿਨ ਦੀ ਪਾਰਟੀ ਮਨਾਉਣ ਗਿਆ ਸੀ। ਕੁਝ ਸਮੇਂ ਬਾਅਦ ਉਸ ਦੇ ਦੋਸਤਾਂ ਨੇ ਮਨਜਿੰਦਰ ਦੇ ਘਰ ਆ ਕੇ ਦੱਸਿਆ ਕਿ ਉਹ ਦਰਿਆ ਵਿੱਚ ਡੁੱਬ ਗਿਆ ਹੈ। ਅਗਲੇ ਦਿਨ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਲਾਸ਼ ਦਰਿਆ ’ਚੋਂ ਬਾਹਰ ਕੱਢੀ ਗਈ। ਪਰਿਵਾਰ ਨੇ ਪੁਲੀਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਐੱਸਐੱਸਪੀ ਨੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ’ਚ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਛੇ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਪਰਤਿਆ ਸੀ ਨੌਜਵਾਨ
ਪਰਿਵਾਰ ਨੇ ਚੰਗੇ ਭਵਿੱਖ ਲਈ ਮਨਜਿੰਦਰ ਸਿੰਘ ਨੂੰ ਵਿਦੇਸ਼ ਭੇਜਿਆ ਸੀ ਪਰ ਦੁਬਈ ਵਿੱਚ ਕੰਮ ਨਾ ਮਿਲਣ ਕਾਰਨ ਉਹ ਛੇ ਮਹੀਨੇ ਪਹਿਲਾਂ ਵਾਪਸ ਆ ਗਿਆ ਸੀ। ਮਨਜਿੰਦਰ ਸਿੰਘ ਅਜੇ ਕੁਆਰਾ ਸੀ ਤੇ ਆਪਣੇ ਪਿਤਾ ਨਾਲ ਖੇਤੀਬਾੜੀ ਦਾ ਕੰਮ ਸੰਭਾਲਦਾ ਸੀ।
ਘਟਨਾ ਦੀ ਜਾਂਚ ਜਾਰੀ: ਪੁਲੀਸ
ਬਲਾਚੌਰ ਥਾਣਾ ਮੁਖੀ ਰਾਜਪਰਮਿੰਦਰ ਕੌਰ ਨੇ ਕਿਹਾ ਕਿ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਭਲਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਜਿਸ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪੀ ਜਾਵੇਗੀ।