ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਰਮ ਪ੍ਰਚਾਰ ਲਹਿਰ ਤੇਜ਼ ਕਰਨ ਸਿੱਖ ਜਥੇਬੰਦੀਆਂ: ਗੜਗੱਜ

05:22 AM Apr 22, 2025 IST
featuredImage featuredImage
ਮੀਡੀਆ ਨਾਲ ਗੱਲ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 21 ਅਪਰੈਲ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਜਥੇਬੰਦੀਆਂ ਨੂੰ ਸੱਦਾ ਦਿੱਤਾ ਕਿ ਸਿੱਖੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਨਿਹੰਗ ਸਿੰਘ ਦਲ, ਸਿੱਖ ਜਥੇਬੰਦੀਆਂ, ਮਿਸ਼ਨਰੀ ਕਾਲਜ, ਸੰਸਥਾਵਾਂ ਦੇ ਪ੍ਰਚਾਰਕ ਇਕਜੁੱਟਤਾ ਨਾਲ ਅੱਗੇ ਆਉਣ।
ਅੱਜ ਸਕੱਤਰੇਤ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਿਧਾਂਤਾਂ ਅਨੁਸਾਰ ਸਾਰਿਆਂ ਨੂੰ ਇਕਜੁੱਟਤਾ ਨਾਲ ਸਿੱਖੀ ਦਾ ਪ੍ਰਚਾਰ ਕਰਨਾ ਚਾਹੀਦਾ ਹੈ ਅਤੇ ਪੰਜਾਬ ਅੰਦਰ ਧਰਮ ਪਰਿਵਰਤਨ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਸ ਦੀ ਵੱਡੀ ਲੋੜ ਹੈ। ਉਨ੍ਹਾਂ ਨੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਸਣੇ ਹੋਰ ਸਿੱਖ ਸ਼ਖ਼ਸੀਅਤਾਂ, ਜਿਨ੍ਹਾਂ ਦੇ ਮਾਮਲੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਹਨ, ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਵੀ ਸੱਦਾ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਤੇ ਹੋਰ ਸਿੱਖ ਸ਼ਖ਼ਸੀਅਤਾਂ ਖ਼ਾਲਸਾ ਪੰਥ ਦੀ ਮੁੱਖ ਧਾਰਾ ਵਿੱਚ ਆ ਕੇ ਪ੍ਰਚਾਰ ਦਾ ਕਾਰਜ ਕਰਨਾ ਚਾਹੁੰਦੇ ਹਨ ਤਾਂ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਅਤੇ ਸਿਧਾਂਤ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ। ਇਸ ਲਈ ਉਹ ਸਮਰਪਣ ਭਾਵ ਨਾਲ ਗੁਰੂ ਦੇ ਦਰਬਾਰ ’ਚ ਆਉਣ।
ਜਥੇਦਾਰ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ, ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ’ਤੇ ਬਣਦੀਆਂ ਫਿਲਮਾਂ/ਐਨੀਮੇਸ਼ਨ ਫਿਲਮਾਂ ਦੇ ਮਾਮਲਿਆਂ ਬਾਰੇ 2 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਮੂਹ ਸਿੱਖ ਜਥੇਬੰਦੀਆਂ, ਬੁੱਧੀਜੀਵੀਆਂ ਅਤੇ ਵਿਦਵਾਨਾਂ ਦੀ ਇੱਕ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਸੰਗਤ ਵੱਲੋਂ ਕੋਈ ਠੋਸ ਨਿਰਣਾ ਲੈਣ ਲਈ ਵਿਚਾਰ ਆਉਂਦੇ ਰਹਿੰਦੇ ਹਨ ਅਤੇ ਇਹ ਬੇਹੱਦ ਸੰਜੀਦਾ ਮਾਮਲਾ ਹੋਣ ਕਰਕੇ ਗੰਭੀਰ ਚਿੰਤਨ ਦੀ ਮੰਗ ਕਰਦਾ ਹੈ। ਉਨ੍ਹਾਂ ਇਸ ਮਾਮਲੇ ਸਬੰਧੀ ਸਮੂਹ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸੰਸਥਾਵਾਂ, ਸਭਾ ਸੁਸਾਇਟੀਆਂ, ਸਿੱਖ ਬੁੱਧੀਜੀਵੀ ਅਤੇ ਵਿਦਵਾਨਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਉੱਤੇ ਆਪਣੇ ਸੁਝਾਅ ਲੈ ਕੇ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।

Advertisement

ਪੋਪ ਫਰਾਂਸਿਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੋਪ ਫਰਾਂਸਿਸ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਈਸਾਈ ਭਾਈਚਾਰੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਗੁਰੂ ਨਾਨਕ ਦੇਵ ਜੀ ਦੀ ਗੁਰਬਾਣੀ ਦਾ ਹਵਾਲਾ ਦਿੰਦਿਆਂ ਜਥੇਦਾਰ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਜਨਮ ਅਤੇ ਮਰਨ ਅਕਾਲ ਪੁਰਖ ਦੇ ਹੱਥ ਵਿੱਚ ਹੈ ਅਤੇ ਜੋ ਇਸ ਸੰਸਾਰ ਵਿੱਚ ਆਏ ਹਨ, ਉਨ੍ਹਾਂ ਨੂੰ ਇੱਕ ਦਿਨ ਜਾਣਾ ਵੀ ਪੈਂਦਾ ਹੈ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਸ਼ਾਂਤੀ ਦੇਣ ਅਤੇ ਪੋਪ ਫਰਾਂਸਿਸ ਦੇ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਕਿਉਂਕਿ ਇਹ ਉਨ੍ਹਾਂ ਲਈ ਬਹੁਤ ਹੀ ਦੁਖਦਾਈ ਪਲ ਹੈ।

Advertisement
Advertisement