ਧਾਰਮਿਕ ਮੁਕਾਬਲਿਆਂ ਦੇ ਜੇਤੂ ਬੱਚਿਆਂ ਦਾ ਸਨਮਾਨ
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਹਲਕਾ ਪਾਇਲ ਦੇ 90 ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ। ਇਸ ਧਾਰਮਿਕ ਸਮਾਗਮ ਵਿੱਚ ਵਿਸ਼ੇਸ ਤੌਰ ’ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗਰੰਥੀ ਗਿਆਨੀ ਹਰਪਾਲ ਸਿੰਘ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ। ਇਸ ਮੌਕੇ ਧਾਰਮਿਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਗਿਆਨੀ ਹਰਪਾਲ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਧਰਮ ਦੇ ਨਾਲ ਜੋੜਨ ਦੇ ਉਪਰਾਲੇ ਜੋ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਕੀਤੇ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ।
ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਰਾਜਗੜ੍ਹ ਦੀ ਸਾਵਣ ਕੌਰ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਿਖ਼ਤੀ ਧਾਰਮਿਕ ਪ੍ਰੀਖਿਆ ਸਕੂਲ ਪੱਧਰ ਤੋਂ ਪਹਿਲਾਂ ਸਥਾਨ ਪ੍ਰਾਪਤ ਕਰਨ ਤੇ ਸਨਮਾਨਿਤ ਕੀਤਾ ਗਿਆ। ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਵੱਖ-ਵੱਖ ਸਕੂਲਾਂ ਦੇ ਬੱਚਿਆਂ, ਅਧਿਆਪਕਾਂ ਤੇ ਆਈਆਂ ਪ੍ਰਮੁੱਖ ਸਖਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚੇ ਇਹੋ ਜਿਹੇ ਮੁਕਾਬਲਿਆਂ ਵਿੱਚ ਭਾਗ ਲੈ ਕੇ ਇੱਕ ਨਰੋਆ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾਉਣਗੇ ਅਤੇ ਨਸ਼ਿਆਂ ਤੋਂ ਦੂਰ ਰਹਿਣਗੇ।