ਧਾਲੀਵਾਲ ਨੇ ਅਰੋੜਾ ਦੇ ਹੱਕ ’ਚ ਮੰਗੀਆਂ ਵੋਟਾਂ
ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਜੂਨ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਵਿੱਚ ‘ਆਪ’ ਉਮੀਦਵਾਰ, ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਤਵਾਰ ਨੂੰ ਇੱਥੇ ਸਰਾਭਾ ਨਗਰ ਮੇਨ ਮਾਰਕੀਟ ਵਿਖੇ ਇੱਕ ਬੂਥ-ਪੱਧਰੀ ਮੀਟਿੰਗ ਕੀਤੀ ਜਿਸ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵੋਟਰਾਂ ਨੂੰ ਅਰੋੜਾ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
ਸ੍ਰੀ ਧਾਲੀਵਾਲ ਨੇ ਸ੍ਰੀ ਅਰੋੜਾ ਦੀ ਪਿਛਲੇ ਤਿੰਨ ਸਾਲਾਂ ਵਿੱਚ ਸ਼ਹਿਰ ਦੇ ਵਿਕਾਸ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਅਰੋੜਾ ਨੂੰ ਪੰਜਾਬ ਵਿਧਾਨ ਸਭਾ ਵਿੱਚ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਸਹੀ ਵਿਅਕਤੀ ਦੱਸਿਆ। ਸ੍ਰੀ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਜਨਤਾ ਨੂੰ ਭਰੋਸਾ ਦਿੱਤਾ ਕਿ ਸਰਕਾਰ ਅਰੋੜਾ ਦਾ ਪੂਰਾ ਸਮਰਥਨ ਕਰਦੀ ਹੈ, ਜਿਨ੍ਹਾਂ ਨੇ ਸ਼ਹਿਰ ਦੇ ਵਿਕਾਸ ਅਤੇ ਇਸਦੇ ਵਸਨੀਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕੀਤੀ ਹੈ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਆਉਣ ਵਾਲੀਆਂ ਉਪ-ਚੋਣਾਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ।
ਸੰਜੀਵ ਅਰੋੜਾ ਨੇ ਰਾਜ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਦੀ ਇੱਕ ਵਿਸਤ੍ਰਿਤ ਸੂਚੀ ਸਾਂਝੀ ਕੀਤੀ। ਸ੍ਰੀ ਅਰੋੜਾ ਨੇ ਕਿਹਾ ਕਿ ਸੇਵਾ ਕਰਨ ਦੀ ਇੱਛਾ ਅਤੇ ਜਨੂੰਨ ਹੀ ਅਜਿਹੀ ਤਬਦੀਲੀ ਨੂੰ ਅੱਗੇ ਵਧਾਉਂਦਾ ਹੈ ਅਤੇ ਆਉਣ ਵਾਲੀਆਂ ਉਪ-ਚੋਣਾਂ ਵਿੱਚ ਚੁਣੇ ਜਾਣ ’ਤੇ ਚਾਰ ਗੁਣਾ ਸਖ਼ਤ ਮਿਹਨਤ ਕਰਨ ਦਾ ਵਾਅਦਾ ਕੀਤਾ। ਵਿਧਾਇਕ ਕੁਲਵੰਤ ਸਿੰਘ ਸਿੱਧੂ, ਨਗਰ ਕੌਂਸਲਰ ਅੰਮ੍ਰਿਤ ਵਰਸ਼ਾ ਰਾਮਪਾਲ ਅਤੇ ਸਥਾਨਕ ‘ਆਪ’ ਆਗੂ ਅਮਰਜੀਤ ਸਿੰਘ ਨੇ ਵਸਨੀਕਾਂ ਨੂੰ ਵਿਕਾਸ ਲਈ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਭੁਪਿੰਦਰ ਚਾਵਲਾ, ਅਮਨਦੀਪ ਕੌਰ ਅਤੇ ਜਗਮੀਤ ਚਾਵਲਾ ਮੌਜੂਦ ਸਨ।