ਧਾਲੀਵਾਲ ਵੱਲੋਂ ਪਰਵਾਸੀ ਭਾਰਤੀ ਦੇ ਪਰਿਵਾਰ ਨਾਲ ਮੁਲਾਕਾਤ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਅਪਰੈਲ
ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦਬੁਰਜੀ ਵਿੱਚ ਪਰਵਾਸੀ ਭਾਰਤੀ ਦੇ ਪਰਿਵਾਰ ’ਤੇ ਹੋਏ ਹਮਲੇ ਸਬੰਧੀ ਪੀੜਤਾਂ ਨਾਲ ਮੁਲਾਕਾਤ ਕੀਤੀ। ਸ੍ਰੀ ਧਾਲੀਵਾਲ ਨੇ ਕਿਹਾ ਕਿ ਪਰਵਾਸੀ ਭਰਾਵਾਂ ਦੀਆਂ ਜਾਇਦਾਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਰਾਖੀ ਕਰਨਾ ਸਰਕਾਰ ਦੀ ਤਰਜੀਹ ਹੈ ਅਤੇ ਇਸ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੀਡੀਆ ਰਾਹੀਂ ਇਸ ਘਟਨਾ ਦਾ ਪਤਾ ਲੱਗਾ ਤਾਂ ਉਹ ਅੱਜ ਤੁਰੰਤ ਪੀੜਤ ਪਰਿਵਾਰ ਨੂੰ ਮਿਲਣ ਪੁੱਜੇ ਹਨ। ਇੱਥੇ ਆ ਕੇ ਪਤਾ ਲੱਗਾ ਕਿ ਇਹ ਘਟਨਾ ਵਾਪਰੀ ਨੂੰ ਪੰਜ ਤੋਂ ਛੇ ਦਿਨ ਹੋ ਚੁੱਕੇ ਹਨ। ਪਰਿਵਾਰਕ ਮੈਂਬਰ ਇਸ ਬਾਰੇ ਸਬੰਧਤ ਥਾਣਾ ਮੁਖੀ ਕੋਲ ਵੀ ਦਰਖਾਸਤ ਦੇ ਕੇ ਆਏ ਹਨ ਪਰ ਉਨ੍ਹਾਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪੁਲੀਸ ਕਮਿਸ਼ਨਰ ਅਤੇ ਪੰਜਾਬ ਸਰਕਾਰ ਨੂੰ ਪੱਤਰ ਲਿਖਣਗੇ ਕਿ ਅਜਿਹੇ ਥਾਣਾ ਮੁਖੀ ਜੋ ਲੋਕਾਂ ਦੀ ਸੁਣਵਾਈ ਨਹੀਂ ਕਰਦੇ, ਨੂੰ ਕਿਸੇ ਵੀ ਥਾਣੇ ਦੀ ਜ਼ਿੰਮੇਵਾਰੀ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਬੀਤੇ ਦਿਨ ਪੰਜਾਬ ਪੁਲੀਸ ਦੇ ਸਿਖਰਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਕੇ ਇਹ ਦੱਸ ਦਿੱਤਾ ਹੈ ਕਿ ਸਰਕਾਰ ਲੋਕਾਂ ਪ੍ਰਤੀ ਜਵਾਬਦੇਹ ਹੈ ਅਤੇ ਜੋ ਵੀ ਅਧਿਕਾਰੀ ਲੋਕਾਂ ਦੇ ਹੱਕਾਂ ਅਤੇ ਆਪਣੇ ਫਰਜ਼ਾਂ ਪ੍ਰਤੀ ਕੁਤਾਹੀ ਕਰੇਗਾ, ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਪੀੜਤ ਪਰਿਵਾਰ ਨੂੰ ਵੀ ਭਰੋਸਾ ਦਿੱਤਾ ਕਿ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇਗਾ।