ਧਾਲੀਵਾਲ ਵੱਲੋਂ ਸਕੂਲਾਂ ਵਿੱਚ ਵਿਕਾਸ ਕੰਮਾਂ ਦੇ ਉਦਘਾਟਨ
ਪੱਤਰ ਪ੍ਰੇਰਕ
ਅਜਨਾਲਾ, 17 ਅਪਰੈਲ
ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਜਗਦੇਵ ਖੁਰਦ ਦੇ ਸਰਕਾਰੀ ਸਕੂਲਾਂ ਵਿੱਚ 23 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਕੰਮਾਂ ਦੇ ਉਦਘਾਟਨ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਹਾਈ ਅਤੇ ਐਲੀਮੈਂਟਰੀ ਜਗਦੇਵ ਖੁਰਦ ਦੇ ਸਕੂਲਾਂ ਵਿੱਚ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਕੂਲ ਜਗਦੇਵ ਖੁਰਦ ਵਿੱਚ ਨਵੀਂ ਰਸੋਈ ਅਤੇ ਸਕੂਲ ਦੀ ਚਾਰਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਲਾਸ ਰੂਮ, ਸਾਇੰਸ ਲੈਬ, ਲਾਇਬਰੇਰੀ ਅਤੇ ਸਕੂਲ ਦੀ ਚਾਰਦੀਵਾਰੀ ਦਾ ਕੰਮ ਬੱਚਿਆਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਵਿੱਚ ਵਿਸ਼ਵ ਪੱਧਰੀ ਆਧੁਨਿਕ ਸਹੂਲਤਾਂ ਦੇ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਕੂਲਾਂ ਉੱਤੇ ਸਾਡਾ ਧਿਆਨ ਬਰਾਬਰ ਰਹੇਗਾ ਤਾਂ ਜੋ ਬੱਚਿਆਂ ਦੀ ਪੜ੍ਹਾਈ ਵਿੱਚ ਕੋਈ ਵੀ ਰੁਕਾਵਟ ਨਾ ਰਹੇ। ਇਸ ਮੌਕੇ ਖ਼ੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਮੁੱਖ ਅਧਿਆਪਕ ਆਤਮਜੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗੋਪਾ ਗਿੱਲ ਆਦਿ ਹਾਜ਼ਰ ਸਨ I