ਧਾਲੀਵਾਲ ਵੱਲੋਂ ਸਿਲੰਡਰ ਦੀ ਕੀਮਤ ’ਚ ਵਾਧੇ ਦਾ ਵਿਰੋਧ
ਪੱਤਰ ਪ੍ਰੇਰਕ
ਫਗਵਾੜਾ, 8 ਅਪਰੈਲ
ਕੇਂਦਰ ਸਰਕਾਰ ਵੱਲੋਂ ਘਰੇਲੂ ਰਸੋਈ ਗੈਸ ਦੀ ਕੀਮਤ ’ਚ 50 ਰੁਪਏ ਪ੍ਰਤੀ ਸਿਲੰਡਰ ਵਾਧੇ ਦੀ ਨਿੰਦਾ ਕਰਦਿਆਂ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਨੇ ਅੱਤ ਦੀ ਮਹਿੰਗਾਈ ਕਰਕੇ ਗਰੀਬ ਤੇ ਮੱਧ ਵਰਗ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਵਧੀ ਹੋਈ ਕੀਮਤ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਸਮੇਂ ਨਰਿੰਦਰ ਮੋਦੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ 100 ਦਿਨਾਂ ਦੇ ਅੰਦਰ ਮਹਿੰਗਾਈ ਨੂੰ ਕਾਬੂ ਕਰਨ ਦਾ ਵਾਅਦਾ ਕੀਤਾ ਸੀ, ਪਰ 11 ਸਾਲਾਂ ਬਾਅਦ ਸਥਿਤੀ ਇਹ ਹੈ ਕਿ ਮਹਿੰਗਾਈ ਘਟਣ ਦੀ ਬਜਾਏ ਕਈ ਗੁਣਾ ਵਧ ਗਈ ਹੈ।
ਉਨ੍ਹਾਂ ਡਾਲਰ ਦੇ ਮੁਕਾਬਲੇ ਰੁਪਏ ਦੀ ਡਿੱਗਦੀ ਕੀਮਤ ਲਈ ਵੀ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਧਦੀ ਮਹਿੰਗਾਈ ਦੇ ਮੁੱਦੇ ’ਤੇ ਚੁੱਪ ਨਹੀਂ ਬੈਠੇਗੀ। ਜੇਕਰ ਰਸੋਈ ਗੈਸ ਦੀ ਵਧੀ ਕੀਮਤ ਵਾਪਸ ਨਾ ਲਈਆਂ ਗਈਆਂ ਤਾਂ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੇ ਹੁਕਮਾਂ ਅਨੁਸਾਰ ਮੋਦੀ ਸਰਕਾਰ ਵਿਰੁੱਧ ਇੱਕ ਵੱਡਾ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।