ਨਗਰ ਕੌਂਸਲ ਦਾ ਸਾਬਕਾ ਮੀਤ ਪ੍ਰਧਾਨ ਭਾਜਪਾ ’ਚ ਸ਼ਾਮਲ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 30 ਅਪਰੈਲ
ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਦੀ ਅਗਵਾਈ ਹੇਠ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਮੀਤ ਪ੍ਰਧਾਨ ਤੇ ਅਕਾਲੀ ਆਗੂ ਜੋਗੀ ਰਾਮ ਲੋਟ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਅਰਵਿੰਦ ਖੰਨਾ ਵਲੋਂ ਜੋਗੀ ਰਾਮ ਲੋਟ ਅਤੇ ਉਨ੍ਹਾਂ ਦੇ ਸਾਥੀਆਂ ਦਾ ਭਾਜਪਾ ਵਿਚ ਸ਼ਾਮਲ ਹੋਣ ’ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਆਧਾਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਦੂਜੀਆਂ ਪਾਰਟੀਆਂ ਦੇ ਆਗੂ ਲਗਾਤਾਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਮੌਜੂਦਾ ਆਮ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਹਰ ਵਰਗ ਨੂੰ ਠੱਗਿਆ ਹੈ। ਕਿਸਾਨਾਂ ਮਜ਼ਦੂਰਾਂ ਦੀ ਕੋਈ ਸਾਰ ਨਹੀਂ ਲਈ, ਮਹਿਲਾਵਾਂ ਨਾਲ ਕੀਤੇ ਵਾਅਦੇ ਵੀ ਵਫਾ ਨਹੀਂ ਕੀਤੇ। ਵਪਾਰੀ ਆਪਣਾ ਵਪਾਰ ਦੂਜੇ ਰਾਜਾਂ ਵਿੱਚ ਤਬਦੀਲ ਕਰਨ ਲਈ ਮਜਬੂਰ ਹਨ ਪਰੰਤੂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪਣੀਆਂ ਫੌਕੀਆਂ ਬਿਆਨਬਾਜ਼ੀਆਂ ਅਤੇ ਇਸ਼ਤਿਹਾਰਬਾਜ਼ੀਆਂ ਵਿੱਚ ਹੀ ਮਸਤ ਹੈ। ਉਸ ਨੂੰ ਪੰਜਾਬ ਦੇ ਮੁਲਾਜ਼ਮਾਂ ਮਜ਼ਦੂਰਾਂ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਆਰਥਿਕ ਤਬਾਹੀ ਦੇ ਕੰਢੇ ਖੜ੍ਹਾ ਹੈ ਜਿਸ ਕਾਰਨ ਪੰਜਾਬ ਦੀ ਇੰਡਸਟਰੀ ਗੁਆਂਡੀ ਸੂਬਿਆਂ ਵੱਲ ਰੁਖ ਕਰ ਰਹੀ ਹੈ। ਉਨਾਂ ਕਿਹਾ ਪੰਜਾਬ ਦੇ ਲੋਕ 2027 ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਤਾਂ ਜੋ ਮਾਨ ਸਰਕਾਰ ਨੂੰ ਪੰਜਾਬ ਦੀ ਸੱਤਾ ਤੋਂ ਬਾਹਰ ਕੀਤਾ ਜਾ ਸਕੇ ਅਤੇ ਭਾਜਪਾ ਦੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁਲਟ, ਰੋਮੀ ਗੋਇਲ ਬਲਾਕ ਪ੍ਰਧਾਨ, ਮੁੰਜਲਾ ਸ਼ਰਮਾ ਜ਼ਿਲ੍ਹਾ ਪ੍ਰਧਾਨ ਮਹਿਲਾ ਮੋਰਚਾ, ਆਵਾ ਸਿੰਘ ਸੀਨੀਅਰ ਆਗੂ ਹਰਭਜਨ ਸਿੰਘ ਤੇ ਪ੍ਰੋ. ਅਰੁਣਜੀਤ ਸਿੰਘ ਮੌਜੂਦ ਸਨ।