ਨਗਰ ਕੌਂਸਲ ਦੀ ਜ਼ਮੀਨ ’ਤੇ ਨਾਜਾਇਜ਼ ਉਸਾਰੀਆਂ ਦਾ ਜ਼ੋਰ
ਸਰਬਜੀਤ ਸਿੰਘ ਭੱਟੀ
ਲਾਲੜੂ , 24 ਮਾਰਚ
ਪਿਛਲੇ ਕਾਫੀ ਸਮੇਂ ਤੋਂ ਨਗਰ ਕੌਂਸਲ ਲਾਲੜੂ ਵਿੱਚ ਕੁਝ ਦਲਾਲਾਂ ਦੀ ਕਥਿਤ ਮਿਲੀਭੁਗਤ ਨਾਲ ਨਾਜਾਇਜ਼ ਉਸਾਰੀਆਂ ਦਾ ਗੋਰਖ ਧੰਦਾ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ ਜਿਸ ਨਾਲ ਕੌਂਸਲ ਨੂੰ ਕਰੋੜਾਂ ਰੁਪਏ ਦਾ ਮਾਲੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਕਤ ਮਾਮਲੇ ਦੇ ਸਬੰਧ ਵਿੱਚ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਕਥਿਤ ਮਿਲੀਭੁਗਤ ਨਾਲ ਨਗਰ ਕੌਂਸਲ ਦੀ ਕਰੋੜਾਂ ਰੁਪਏ ਦੀ ਕੀਮਤੀ ਜ਼ਮੀਨ ’ਤੇ ਨਜਾਇਜ਼ ਉਸਾਰੀਆਂ ਧੜੱਲੇ ਨਾਲ ਹੋ ਰਹੀਆਂ ਹਨ। ਸਰਕਾਰੀ ਪ੍ਰਾਪਰਟੀ ਨੂੰ ਦੋਵੇਂ ਹੱਥੀ ਲੁੱਟਿਆ ਜਾ ਰਿਹਾ ਹੈ ਜਿਸ ਨਾਲ ਸ਼ਹਿਰ ਦੇ ਵਿਕਾਸ ਕੰਮਾਂ ਵਿੱਚ ਖੜੋਤ ਆ ਗਈ ਹੈ ਪਰ ਉੱਚ ਅਧਿਕਾਰੀਆਂ ਨੂੰ ਸਭ ਕੁਝ ਪਤਾ ਹੁੰਦੇ ਹੋਏ ਵੀ ਉਹ ਕੁੰਭਕਰਨੀ ਨੀਂਦ ਸੁੱਤੇ ਪਏ ਹਨ।
ਦੂਜੇ ਪਾਸੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਘੁੰਮ ਰਹੇ ਦਲਾਲ ਨਾਜਾਇਜ਼ ਉਸਾਰੀਆਂ ਕਰਾਉਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਵਸੂਲੀ ਕਰਕੇ ਕਥਿਤ ਤੌਰ ’ਤੇ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਨੂੰ ਦੇ ਰਹੇ ਹਨ।
ਸ਼ਹਿਰ ਵਾਸੀਆਂ ਨੇ ਦੱਸਿਆ ਕਿ ਅਧਿਕਾਰੀ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਰਿਹਾਇਸ਼ੀ ਮਕਾਨਾਂ ਵਿੱਚ ਬਹੁ ਮੰਜਲੀ ਸ਼ੋਅ ਰੂਮ ਬਣਵਾ ਰਹੇ ਹਨ ਅਤੇ ਲਾਲੜੂ ਪਿੰਡ ਦੇ ਆਲੇ ਦੁਆਲੇ ਫਿਰਨੀ ਅਤੇ ਆਈ ਟੀ ਆਈ ਨੇੜੇ ਧੜੱਲੇ ਨਾਲ ਨਾਜਾਇਜ਼ ਉਸਾਰੀਆਂ ਹੋ ਰਹੀਆਂ ਹਨ। ਹੁਣ ਤੱਕ ਲਾਲੜੂ ਸ਼ਹਿਰ ਵਿੱਚ ਦਰਜਨਾਂ ਦੇ ਕਰੀਬ ਸ਼ੋਅ ਰੂਮ ਗੈਰ ਕਾਨੂੰਨੀ ਢੰਗ ਨਾਲ ਉਸਰ ਚੁੱਕੇ ਹਨ, ਕਈ ਉਸਾਰੀ ਅਧੀਨ ਹਨ। ਨਾਜਾਇਜ਼ ਉਸਾਰੀਆਂ ਕਾਰਨ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਵੀ ਵੱਡਾ ਨੁਕਸਾਨ ਹੋ ਰਿਹਾ ਹੈ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਕਰੋੜਾਂ ਰੁਪਏ ਦਾ ਮਾਲੀ ਨੁਕਸਾਨ ਹੋ ਰਿਹਾ ਹੈ।
ਮਾਮਲੇ ਦੀ ਜਾਂਚ ਕਰਵਾ ਕੇ ਕਾਰਵਾਈ ਕਰਾਂਗੇ: ਕਾਰਜਸਾਧਕ ਅਫਸਰ
ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਗੁਰਬਖਸ਼ੀਸ਼ ਸਿੰਘ ਸੰਧੂ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰਵਾ ਕੇ ਬਣਦੀ ਕਾਨੂੰਨੀ ਕਾਰਵਾਈ ਕਰਨਗੇ ਅਤੇ ਕਈ ਵਿਅਕਤੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਜਾ ਚੁੱਕੇ ਹਨ। ਸ਼ਹਿਰ ਨਿਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ।