ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਦਾ ਮਾਮਲਾ ਕੌਮੀ ਐੱਸਸੀ ਕਮਿਸ਼ਨ ਕੋਲ ਪੁੱਜਿਆ
ਜੋਗਿੰਦਰ ਸਿੰਘ ਮਾਨ
ਬੁਢਲਾਡਾ (ਮਾਨਸਾ), 14 ਜੂਨ
ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਦਾ ਮਾਮਲਾ ਐੱਸਸੀ ਕਮਿਸ਼ਨ ਭਾਰਤ ਸਰਕਾਰ ਕੋਲ ਪੁੱਜ ਗਿਆ ਹੈ। ਕੇਂਦਰੀ ਕਮਿਸ਼ਨ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੂੰ ਇੱਕ ਪੱਤਰ (ਨੰ:287101) ਲਿਖ ਕੇ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਸੁਖਪਾਲ ਸਿੰਘ ਮਾਮਲੇ ’ਚ ਜਾਂਚ ਕਰਨ ਦੇ ਨਿਰਦੇਸ਼ ਦਿੰਦਿਆਂ 15 ਦਿਨਾਂ ਅੰਦਰ ਕਾਰਵਾਈ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਗਿਆ ਹੈ।
ਕਮਿਸ਼ਨ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 338 ਦੇ ਤਹਿਤ ਪ੍ਰਾਪਤ ਸ਼ਕਤੀਆਂ ਦੀ ਪਾਲਣਾ ਵਿੱਚ ਮਾਮਲੇ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਕਿ ਜੇਕਰ ਕਮਿਸ਼ਨ ਨੂੰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਜਵਾਬ ਨਹੀਂ ਮਿਲਦਾ ਤਾਂ ਕਮਿਸ਼ਨ ਭਾਰਤ ਦੇ ਸੰਵਿਧਾਨ ਦੇ ਤਹਿਤ ਪ੍ਰਾਪਤ ਸਿਵਲ ਅਦਾਲਤ ਦੀਆਂ ਸ਼ਕਤੀਆਂ ਦੀ ਵਰਤੋਂ ਵੀ ਕਰ ਸਕਦਾ ਹੈ।
ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੇ ਪ੍ਰਧਾਨ ਸੁਖਪਾਲ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਸ ਨੂੰ ਨਾਜਾਇਜ਼ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਸਬੰਧੀ ਇੱਕ ਪੱਤਰ ਐੱਸਸੀ ਕਮਿਸ਼ਨ ਭਾਰਤ ਸਰਕਾਰ ਨੂੰ ਪੱਤਰ ਸੌਂਪ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਉਸ ਦੇ ਨੇੜਲੇ ਸਾਥੀਆਂ, ਡੀਐੱਸਪੀ, ਐੱਸਐੱਚਓ ਸਿਟੀ ਅਤੇ ਹੋਰਾਂ ਵਿਰੁੱਧ ਐੱਸਸੀ, ਐੱਸਟੀ ਐਕਟ, ਜਬਰੀ ਵਸੂਲੀ, ਹਮਲਾ ਅਤੇ ਗੈਰ-ਕਾਨੂੰਨੀ ਰੋਕ, ਭ੍ਰਿਸ਼ਟਾਚਾਰ ਰੋਕ ਐਕਟ ਹੇਠ ਐੱਫਆਈਆਰ ਦਰਜ ਕਰਨ ਅਤੇ ਸੁਰੱਖਿਆ ਪ੍ਰਦਾਨ ਕਰਨ ਦੀ ਮੰਗ ਕੀਤੀ ਗਈ ਸੀ।
ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਸੁਖਪਾਲ ਸਿੰਘ ‘ਆਪ’ ਦੇ ਵਰਕਰ ਵਜੋਂ ਕੌਂਸਲ ਦੇ ਪ੍ਰਧਾਨ ਬਣੇ ਸਨ ਅਤੇ ਬਾਅਦ ਵਿੱਚ ਉਸ ਦੀ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਿਧਾਇਕ ਨਾਲ ਸਬੰਧ ਠੀਕ ਨਹੀਂ ਰਹੇ, ਜਿਸ ਕਾਰਨ ਉਹ ਕਈ ਦਿਨ ਗੁਪਤ ਰਹਿਣ ਤੋਂ ਬਾਅਦ ਚੰਡੀਗੜ੍ਹ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਇਸ ਸ਼ਮੂਲੀਅਤ ਕਾਰਨ ਪਾਰਟੀ ਵਿੱਚ ਕਈ ਨਵੇਂ ਝਮੇਲੇ ਖੜ੍ਹੇ ਹੋ ਗਏ ਸਨ। ਇਨ੍ਹਾਂ ਝਮੇਲਿਆਂ ਨੂੰ ਲੈਕੇ ਹੀ ਉਨ੍ਹਾਂ ਵੱਲੋਂ ਭਾਰਤ ਸਰਕਾਰ ਦੇ ਐੱਸਸੀ ਕਮਿਸ਼ਨ ਕੋਲ ਇਨਸਾਫ਼ ਲਈ ਅਰਜੋਈ ਕੀਤੀ ਸੀ।
ਮਾਮਲੇ ’ਚ ਹਰ ਤਰ੍ਹਾਂ ਦੇ ਸਹਿਯੋਗ ਲਈ ਤਿਆਰ ਹਾਂ: ਬੁੱਧ ਰਾਮ
ਆਮ ਆਦਮੀ ਪਾਰਟੀ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨਾਲ ਜਦੋਂ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਐੱਸਸੀ ਕਮਿਸ਼ਨ ਸਮੇਤ ਸਿਵਲ ਤੇ ਪੁਲੀਸ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਵਾਉਣ ਦੀ ਉਨ੍ਹਾਂ ਵੱਲੋਂ ਪਹਿਲਾਂ ਹੀ ਐੱਸਐੱਸਪੀ ਅਤੇ ਡਿਪਟੀ ਕਮਿਸ਼ਨਰ ਪਾਸੋਂ ਜ਼ੋਰਦਾਰ ਮੰਗ ਕੀਤੀ ਗਈ ਹੈ।