ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਗਰ ਪੰਚਾਇਤ ਤੇ ਕੌਂਸਲ ਚੋਣਾਂ: ਮਾਲਵੇ ’ਚ ਆਖ਼ਰੀ ਦਿਨ 540 ਨਾਮਜ਼ਦਗੀਆਂ ਦਾਖ਼ਲ

05:58 AM Dec 13, 2024 IST
ਮਾਨਸਾ ਦੇ ਐੱਸਡੀਐੱਮ ਕਾਲਾ ਰਾਮ ਕਾਂਸਲ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਂਦਾ ਹੋਇਆ ਇਕ ਉਮੀਦਵਾਰ।

ਜੋਗਿੰਦਰ ਸਿੰਘ ਮਾਨ
ਮਾਨਸਾ, 12 ਦਸੰਬਰ
ਮਾਨਸਾ ਦੇ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਨਗਰ ਪੰਚਾਇਤ ਭੀਖੀ ਦੇ 13 ਵਾਰਡਾਂ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੇ 15 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਆਖ਼ਰੀ ਦਿਨ ਕੁੱਲ 125 ਉਮੀਦਵਾਰਾਂ ਨੇ ਆਪਣੇ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਹਨ। ਇਸ ਤੋਂ ਪਹਿਲਾਂ ਕੁੱਲ 12 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਿੱਤੇ ਸਨ। ਇਸ ਤਰ੍ਹਾਂ ਹੁਣ ਇਨ੍ਹਾਂ ਚੋਣਾਂ ਲਈ ਕੁੱਲ 137 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਭੀਖੀ ਵਿੱਚ ਅੱਜ 40 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ ਹਨ ਜਦੋਂਕਿ ਲੰਘੇ ਦਿਨ 11 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਸਨ। ਇਸ ਤਰ੍ਹਾਂ ਹੁਣ ਭੀਖੀ ਨਗਰ ਪੰਚਾਇਤ ਲਈ ਕੁੱਲ 51 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਪ੍ਰਾਪਤ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸਰਦੂਲਗੜ੍ਹ ਨਗਰ ਪੰਚਾਇਤ ਵਿੱਚ ਅੱਜ 85 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ ਹਨ ਅਤੇ ਲੰਘੇ ਦਿਨ 1 ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਸਨ। ਇਸੇ ਤਰ੍ਹਾਂ ਸਰਦੂਲਗੜ੍ਹ ਵਿੱਜ ਕੁੱਲ 86 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਦਾਖਲ ਕਰਵਾਏ ਗਏ ਨਾਮਜ਼ਦਗੀ ਪੱਤਰਾਂ ਦੀ 13 ਦਸੰਬਰ ਨੂੰ ਪੜਤਾਲ ਕੀਤੀ ਜਾਵੇਗੀ ਅਤੇ 14 ਦਸੰਬਰ ਨੂੰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
ਹੰਢਿਆਇਆ (ਕੁਲਦੀਪ ਸੂਦ): ਡਿਪਟੀ ਕਮਿਸ਼ਨਰ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਪੰਚਾਇਤ ਹੰਢਿਆਇਆ (ਕੁੱਲ 13 ਵਾਰਡ) ਦੀ ਆਮ ਚੋਣਾਂ ਲਈ ਕੁੱਲ 60 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ।
ਬਠਿੰਡਾ (ਮਨੋਜ ਸ਼ਰਮਾ): ਜ਼ਿਲ੍ਹੇ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਕੁੱਲ 244 ਨਾਮਜ਼ਦਗੀ ਪੱਤਰ ਭਰੇ ਗਏ ਹਨ ਜਿਨ੍ਹਾਂ ’ਚੋਂ 229 ਅੱਜ ਤੇ 15 ਕੱਲ੍ਹ ਪ੍ਰਾਪਤ ਹੋਏ ਸਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਬਠਿੰਡਾ ਦੇ ਵਾਰਡ ਨੰਬਰ 48 ਲਈ 8, ਗੋਨਿਆਣਾ ਦੇ ਵਾਰਡ ਨੰਬਰ 9 ਲਈ 5, ਲਹਿਰਾ ਮੁਹੱਬਤ ਦੇ ਵਾਰਡ ਨੰਬਰ 3,5,8 ਅਤੇ 10 ਲਈ 17, ਨਥਾਣਾ ਦੇ ਵਾਰਡ ਨੰਬਰ 6 ਲਈ 4, ਰਾਮਪੁਰਾ ਫੂਲ ਦੇ ਵਾਰਡ ਨੰਬਰ 1-21 ਲਈ 109, ਮਹਿਰਾਜ ਦੇ ਵਾਰਡ ਨੰਬਰ 8 ਲਈ 4, ਕੋਠਾ ਗੁਰੂ ਦੇ ਵਾਰਡ ਨੰਬਰ 2 ਲਈ 4, ਭਾਈਰੂਪਾ ਦੇ ਵਾਰਡ ਨੰਬਰ 6 ਲਈ 8, ਮੌੜ ਦੇ ਵਾਰਡ ਨੰਬਰ 1 ਲਈ 5 ਅਤੇ ਤਲਵੰਡੀ ਸਾਬੋ ਦੇ ਵਾਰਡ ਨੰਬਰ 1-15 ਲਈ 80 ਨਾਮਜ਼ਦਗੀ ਪੱਤਰ ਦਾਖ਼ਲ ਹੋਏ।
ਕੋਟਕਪੂਰਾ (ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ): ਨਗਰ ਕੌਂਸਲ ਕੋਟਕਪੂਰਾ ਦੇ ਦੋ ਵਾਰਡਾਂ ਵਿੱਚ ਹੋ ਰਹੀਆਂ ਚੋਣਾਂ ਵਿੱਚ ਨਾਮਜ਼ਦਗੀ ਭਰਨ ਦੇ ਆਖ਼ਰੀ ਦਿਨ 11 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਭਰੇ। ਸਥਾਨਕ ਉਪ ਮੰਡਲ ਮੈਜਿਸਟਰੇਟ ਕਮ ਸਹਾਇਕ ਚੋਣ‌ ਅਧਿਕਾਰੀਆਂ ਕੋਟਕਪੂਰਾ ਦੇ ਦਫ਼ਤਰ ਵਿੱਚ ਵਾਰਡ ਨੰਬਰ 4 ਆਪ ਦੇ ਸਿਮਰਨਜੀਤ ਸਿੰਘ, ਕਾਂਗਰਸ ਦੇ ਕੁੰਦਨ ਲਾਲ, ਭਾਜਪਾ ਦੇ ਰਾਜਨ ਨਾਰੰਗ, ਸ਼੍ਰੋਮਣੀ ਅਕਾਲੀ ਦਲ ਦੇ ਸੂਰਜ ਭਾਨ ਅਤੇ ਵਾਰਡ ਨੰਬਰ 21 ਵਿੱਚ ਆਪ ਦੇ ਅਰਜੁਨ ਸਿੰਘ ਬੱਬੀ, ਸ਼੍ਰੋਮਣੀ ਅਕਾਲੀ ਦਲ ਦੇ ਗੁਰਦਿੱਤ ਸਿੰਘ, ਭਾਜਪਾ ਦੇ ਸ਼ਮਸ਼ੇਰ ਸਿੰਘ ਭਾਨਾ, ਕਾਂਗਰਸ ਦੇ ਜਸਵੀਰ ਸਿੰਘ ਅਤੇ ਕੁਲਦੀਪ ਸਿੰਘ ਮਾਣਕ ਆਜ਼ਾਦ ਨੇ ਆਪਣੀਆਂ ਨਾਮਜ਼ਦਗੀ ਭਰੀਆਂ।
ਮਖੂ (ਨਿੱਜੀ ਪੱਤਰ ਪ੍ਰੇਰਕ): ਮਖੂ ਵਿੱਚ ਨਗਰ ਪੰਚਾਇਤ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਅੱਜ 13 ਵਾਰਡਾਂ ਦੇ ਵੱਖ- ਵੱਖ ਸਿਆਸੀ ਪਾਰਟੀਆਂ ਦੇ 63 ਉਮੀਦਵਾਰਾਂ ਨੇ ਦਫਤਰ ਮਾਰਕੀਟ ਕਮੇਟੀ ਮਖੂ ਵਿੱਚ ਰਿਟਰਨਿੰਗ ਅਫਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ।
ਅਬੋਹਰ (ਪੱਤਰ ਪ੍ਰੇਰਕ): ਇਥੇ ਵਾਰਡ ਨੰ. 22 ਦੀ ਜ਼ਿਮਨੀ ਚੋਣ ਲਈ ‘ਆਪ’ ਪਾਰਟੀ ਦੇ ਉਮੀਦਵਾਰ ਮਦਨ ਲਾਲ ਖੈੜਾ ਨੇ ਅੱਜ ਹਲਕਾ ਇੰਚਾਰਜ ਅਰੁਣ ਨਾਰੰਗ ਅਤੇ ‘ਆਪ’ ਆਗੂ ਸੀਨੀਅਰ ਐਡਵੋਕੇਟ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
ਬਠਿੰਡਾ (ਸ਼ਗਨ ਕਟਾਰੀਆ): ਆਮ ਆਦਮੀ ਪਾਰਟੀ ਨੇ ਬਠਿੰਡਾ ਸ਼ਹਿਰ ਦੇ ਵਾਰਡ ਨੰਬਰ 48 ਦੇ ਕੌਂਸਲਰ ਦੀ ਜ਼ਿਮਨੀ ਚੋਣ ਲਈ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਦੇ ਪੁੱਤਰ ਤੇ ਪੰਜਾਬ ਹੋਟਲ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਪਦਮਜੀਤ ਸਿੰਘ ਮਹਿਤਾ ਦੇ ਰੂਪ ’ਚ ਬ੍ਰਹਮਾਸਤਰ ਛੱਡ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਅੱਜ ਇਸ ਦਾ ਐਲਾਨ ਕੀਤਾ ਅਤੇ ਇਸ ਉਪਰੰਤ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਪਿਤਾ ਅਮਰਜੀਤ ਮਹਿਤਾ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ, ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ‘ਆਪ’ ਦੇ ਯੂਥ ਆਗੂ ਰਾਜਨ ਅਮਰਦੀਪ ਸਿੰਘ, ਮਨਜੀਤ ਸਿੰਘ ਲਹਿਰਾ ਅਤੇ ਨੌਜਵਾਨਾਂ ਦੀ ਹਾਜ਼ਰੀ ਵਿੱਚ ਆਪਣੇ ਨਾਮਜ਼ਦਗੀ ਪੱਤਰ ਭਰੇ।

Advertisement

ਬਠਿੰਡਾ ’ਚ ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਹੋਏ ਪਦਮਜੀਤ ਮਹਿਤਾ।

ਤਲਵੰਡੀ ਸਾਬੋ ’ਚ ਭਾਜਪਾ ਆਗੂਆਂ ਵੱਲੋਂ ਨਾਅਰੇਬਾਜ਼ੀ

ਤਲਵੰਡੀ ਸਾਬੋ ’ਚ ਭਾਜਪਾ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਪੰਜਾਬੀ ਟ੍ਰਿਬਿਊਨ

ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਨਗਰ ਕੌਂਸਲ ਤਲਵੰਡੀ ਸਾਬੋ ਦੀ ਚੋਣ ਚਾਰ ਆਜ਼ਾਦ ਉਮੀਦਵਾਰਾਂ ਸਣੇ ਕੁੱਲ 80 ਜਣਿਆਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ‘ਆਪ’ ਉਮੀਦਵਾਰਾਂ ਨੇ ਜਿੱਥੇ ਖੁਦ ਚੋਣ ਅਧਿਕਾਰੀ ਕੋਲ ਜਾ ਕੇ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ, ਉੱਥੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਉਮੀਦਵਾਰਾਂ ਨੇ ਆਪਣੇ ਸੀਨੀਅਰ ਪਾਰਟੀ ਆਗੂਆਂ ਦੀ ਅਗਵਾਈ ਹੇਠ ਚੋਣ ਅਧਿਕਾਰੀ ਕੋਲ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਥੇ ਨਾਮਜ਼ਦਗੀਆਂ ਭਰਨ ਸਮੇਂ ਉਦੋਂ ਹੰਗਾਮਾ ਹੋ ਗਿਆ ਜਦੋਂ ਭਾਜਪਾ ਲੀਡਰਸ਼ਿਪ ਨੇ ਆਪਣੇ ਇੱਕ ਆਗੂ ’ਤੇ ਕਥਿਤ ਹਮਲਾ ਹੋਣ ਦੇ ਦੋਸ਼ ਲਾਉਂਦਿਆਂ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਦਿੱਤੀ। ਡੀਐੱਸਪੀ ਤਲਵੰਡੀ ਸਾਬੋ ਰਾਜੇਸ਼ ਸਨੇਹੀ ਨੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਨੂੰ ਮੁਲਜ਼ਮਾਂ ਦੀ ਭਾਲ ਕਰ ਕੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਭਾਜਪਾ ਵਰਕਰ ਸ਼ਾਂਤ ਹੋਏ।

ਧਰਮਕੋਟ ਵਿੱਚ ਅਕਾਲੀ ਦਲ ਵੱਲੋਂ ਮੁਜ਼ਾਹਰਾ

ਧਰਮਕੋਟ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਅਕਾਲੀ ਆਗੂ ਮੱਖਣ ਬਰਾੜ ਤੇ ਹੋਰ।

ਧਰਮਕੋਟ (ਹਰਦੀਪ ਸਿੰਘ): ਨਗਰ ਪੰਚਾਇਤ ਚੋਣਾਂ ਦੀਆਂ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਅੱਜ ਧਰਮਕੋਟ ਨਗਰ ਕੌਂਸਲ ਤੋਂ 36 ਉਮੀਦਵਾਰਾਂ ਅਤੇ ਫਤਹਿਗੜ੍ਹ ਪੰਜਤੂਰ ਨਗਰ ਪੰਚਾਇਤ ਲਈ 15 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪਰਚੇ ਦਾਖ਼ਲ ਕਰਵਾਏ ਗਏ। ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਚੋਣ ਅਧਿਕਾਰੀਆਂ ਉੱਤੇ ਪੱਖਪਾਤ ਦੇ ਦੋਸ਼ ਲਾਉਂਦਿਆਂ ਕਿਹਾ ਕਿ ਅਕਾਲੀ ਉਮੀਦਵਾਰਾਂ ਨੂੰ ਕਾਗਜ਼ ਦਾਖਲ ਕਰਨ ਲਈ ਦਫ਼ਤਰ ਅੰਦਰ ਹੀ ਨਹੀਂ ਜਾਣ ਦਿੱਤਾ ਗਿਆ। ਫ਼ਤਹਿਗੜ੍ਹ ਪੰਜਤੂਰ ਦੇ ਵਾਰਡ ਨੰਬਰ 2 ਤੋਂ ਆਪ ਉਮੀਦਵਾਰ ਗੁਰਪ੍ਰੀਤ ਸਿੰਘ ਕੰਬੋਜ ਬਿਨ੍ਹਾਂ ਮੁਕਾਬਲੇ ਜੇਤੂ ਬਣ ਗਏ ਹਨ ਕਿਉਂਕਿ ਉਨ੍ਹਾਂ ਦੇ ਮੁਕਾਬਲੇ ਕਿਸੇ ਨੇ ਵੀ ਆਪਣੇ ਕਾਗਜ਼ ਦਾਖਲ ਨਹੀਂ ਕਰਵਾਏ।

Advertisement

Advertisement