ਨਗਰ ਸੁਧਾਰ ਟਰੱਸਟ ਪਠਾਨਕੋਟ ਦਫ਼ਤਰ ਸੀਲ
ਪੱਤਰ ਪ੍ਰੇਰਕ
ਪਠਾਨਕੋਟ, 1 ਮਈ
ਹਾਈ ਕੋਰਟ ਦੇ ਹੁਕਮਾਂ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅੱਜ ਇੰਪਰੂਵਮੈਂਟ ਟਰੱਸਟ ਪਠਾਨਕੋਟ ਦੇ ਦਫ਼ਤਰ ਨੂੰ ਸੀਲ ਕਰ ਦਿੱਤਾ। ਅੱਜ ਡੀਐੱਸਪੀ ਸੁਮੀਰ ਸਿੰਘ ਮਾਨ ਤੇ ਨਾਇਬ ਤਹਿਸੀਲਦਾਰ ਮੈਜਿਸਟਰੇਟ ਰਣਦੀਪ ਸਿੰਘ ਦੀ ਮੌਜੂਦਗੀ ਵਿੱਚ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਗਿਆ।
ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਨੇ ਕਿਹਾ ਕਿ 20-25 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਅਦਾਲਤ ਨੇ ਵੇਚੀ ਗਈ ਜ਼ਮੀਨ ਦੇ ਸਬੰਧ ਵਿੱਚ ਦੂਜੀ ਧਿਰ ਦੇ ਹੱਕ ਵਿੱਚ ਫੈਸਲਾ ਦਿੱਤਾ ਹੈ ਅਤੇ ਬਣਦੀ 4 ਕਰੋੜ ਦੀ ਅਦਾਇਗੀ ਨਾ ਕਰਨ ਦੀ ਸੂਰਤ ਵਿੱਚ ਦਫ਼ਤਰ ਨੂੰ ਸੀਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਛੇਤੀ ਹੀ ਹਾਈ ਕੋਰਟ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਅਪੀਲ ਦਾਇਰ ਕੀਤੀ ਜਾਵੇਗੀ।
ਮੌਕੇ ’ਤੇ ਮੌਜੂਦ ਡੀਐੱਸਪੀ ਸਿਟੀ ਸੁਮੀਰ ਸਿੰਘ ਮਾਨ ਨੇ ਦੱਸਿਆ ਕਿ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਦਫ਼ਤਰ ਨੂੰ ਥਾਣਾ ਡਿਵੀਜ਼ਨ ਨੰਬਰ-2 ਦੇ ਥਾਣਾ ਮੁਖੀ ਅਤੇ ਐੱਸਡੀਓ ਨਗਰ ਸੁਧਾਰ ਟਰੱਸਟ ਵਿਪਿਨ ਕੁਮਾਰ ਦੀ ਹਾਜ਼ਰੀ ਵਿੱਚ ਸੀਲ ਕਰ ਦਿੱਤਾ ਗਿਆ ਹੈ।