ਨਗ਼ਦੀ ਵਿਵਾਦ: ਚੀਫ ਜਸਟਿਸ ਨੇ ਜਾਂਚ ਰਿਪੋਰਟ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਭੇਜੀ
ਨਵੀਂ ਦਿੱਲੀ: ਦੇਸ਼ ਦੀ ਸਰਵਉਚ ਅਦਾਲਤ ਦੇ ਮੁੱਖ ਜੱਜ ਸੰਜੀਵ ਖੰਨਾ ਨੇ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਦੇ ਪਹਿਲਾਂ ਵਾਲੇ ਘਰ ਵਿਚੋਂ ਨਗਦੀ ਮਿਲਣ ਦੇ ਮਾਮਲੇ ਦੀ ਜਾਂਚ ਰਿਪੋਰਟ ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੀ ਹੈ। ਇਸ ਤੋਂ ਇਲਾਵਾ ਮੁੱਖ ਜੱਜ ਨੇ ਇਸ ਮਾਮਲੇ ਵਿਚ ਜਸਟਿਸ ਯਸ਼ਵੰਤ ਵਰਮਾ ਦਾ ਪੱਖ ਵੀ ਨਾਲ ਭੇਜਿਆ ਹੈ। ਜ਼ਿਕਰਯੋਗ ਹੈ ਕਿ ਨਗ਼ਦੀ ਵਿਵਾਦ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਤਿੰਨ ਮੈਂਬਰੀ ਪੈਨਲ ਗਠਿਤ ਕੀਤਾ ਸੀ। ਇਹ ਪਤਾ ਲੱਗਿਆ ਹੈ ਕਿ ਮੁੱਖ ਜੱਜ ਨੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ 3 ਮਈ ਦੀ ਤਿੰਨ ਮੈਂਬਰੀ ਕਮੇਟੀ ਦੀ ਰਿਪੋਰਟ ਦੀ ਕਾਪੀ ਅਤੇ ਜਸਟਿਸ ਯਸ਼ਵੰਤ ਵਰਮਾ ਦਾ 6 ਮਈ ਨੂੰ ਆਇਆ ਜਵਾਬ ਵੀ ਸ਼ਾਮਲ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਤਿੰਨ ਮੈਂਬਰੀ ਪੈਨਲ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ, ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ ਜਸਟਿਸ ਜੀ ਐਸ ਸੰਧਾਵਾਲੀਆ ਅਤੇ ਕਰਨਾਟਕ ਹਾਈ ਕੋਰਟ ਦੇ ਜਸਟਿਸ ਅਨੂ ਸ਼ਿਵਰਾਮਨ ਸ਼ਾਮਲ ਸਨ। ਇਸ ਪੈਨਲ ਨੇ ਪੰਜਾਹ ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕਰਦਿਆਂ ਸਬੂਤਾਂ ਦੀ ਘੋਖ ਕੀਤੀ ਸੀ ਜਿਨ੍ਹਾਂ ਵਿੱਚ ਦਿੱਲੀ ਪੁਲੀਸ ਕਮਿਸ਼ਨਰ ਸੰਜੇ ਅਰੋੜਾ ਅਤੇ ਦਿੱਲੀ ਫਾਇਰ ਸਰਵਿਸ ਦੇ ਮੁਖੀ ਦਾ ਬਿਆਨ ਵੀ ਸ਼ਾਮਲ ਸੀ ਜੋ 14 ਮਾਰਚ ਨੂੰ ਰਾਤ 11.35 ਵਜੇ ਦੇ ਕਰੀਬ ਜਸਟਿਸ ਵਰਮਾ ਦੇ ਲੁਟੀਅਨਜ਼ ਦਿੱਲੀ ਨਿਵਾਸ ’ਤੇ ਅੱਗ ਲੱਗਣ ਦੀ ਘਟਨਾ ਦੀ ਜਾਂਚ ਕਰਨ ਪੁੱਜੇ ਸਨ। ਪੀਟੀਆਈ