ਨਰਾਇਣਗੜ੍ਹ ਬੱਸ ਸਟੈਂਡ ਦੀ ਉਸਾਰੀ ਜਲਦੀ ਸ਼ੁਰੂ ਹੋਵੇਗੀ: ਸੈਣੀ
ਪੱਤਰ ਪ੍ਰੇਰਕ
ਨਰਾਇਣਗੜ੍ਹ, 21 ਮਈ
ਸਾਬਕਾ ਵਿਧਾਇਕ ਡਾ. ਪਵਨ ਸੈਣੀ ਨੇ ਅਧਿਕਾਰੀਆਂ ਨਾਲ ਇੱਥੇ ਬੱਸ ਅੱਡੇ ਅਤੇ ਵਰਕਸ਼ਾਪ ਦਾ ਨਿਰੀਖਣ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਨਰਾਇਣਗੜ੍ਹ ਬੱਸ ਅੱਡੇ ਦੀ ਨਵੀਂ ਇਮਾਰਤ ਦਾ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੀ ਅਨੁਮਾਨਤ ਲਾਗਤ ਲਗਪਗ 7 ਕਰੋੜ ਰੁਪਏ ਹੈ। ਇਸ ਪ੍ਰਾਜੈਕਟ ਲਈ ਟੈਂਡਰ ਪ੍ਰਕਿਰਿਆ ਪੂਰੀ ਹੋ ਗਈ ਹੈ ਅਤੇ ਉਸਾਰੀ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਇਸ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਟਰਾਂਸਪੋਰਟ ਵਿਭਾਗ ਦੇ ਨਰਾਇਣਗੜ੍ਹ ਸਬ ਡਿੱਪੂ ਨੂੰ ਪੂਰੇ ਡਿੱਪੂ ਦਾ ਦਰਜਾ ਦੇਣ ਦੀ ਬੇਨਤੀ ਕੀਤੀ ਸੀ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਮੁੱਖ ਮੰਤਰੀ ਇਸ ਕੰਮ ਨੂੰ ਜਲਦੀ ਪੂਰਾ ਕਰਨਗੇ। ਡਿੱਪੂ ਬਣਨ ਮਗਰੋਂ ਜਿੱਥੇ ਯਾਤਰੀਆਂ ਲਈ ਸਹੂਲਤਾਂ ਵਿੱਚ ਵਾਧਾ ਹੋਵੇਗਾ, ਉੱਥੇ ਹੀ ਇੱਥੋਂ ਰਾਤ ਦੀ ਬੱਸ ਸੇਵਾ ਵੀ ਸ਼ੁਰੂ ਹੋ ਜਾਵੇਗੀ। ਨਿਰੀਖਣ ਦੌਰਾਨ, ਡਾ. ਸੈਣੀ ਨੇ ਅਧਿਕਾਰੀਆਂ ਨੂੰ ਬੱਸ ਅੱਡੇ ਅਤੇ ਵਰਕਸ਼ਾਪ ਅਹਾਤੇ ਵਿੱਚ ਸਫਾਈ ਪ੍ਰਣਾਲੀ ਨੂੰ ਵਧੀਆ ਬਣਾਉਣ ਅਤੇ ਪਾਣੀ ਦੀ ਸਹੀ ਨਿਕਾਸੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੰਮ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬੱਸ ਅੱਡੇ ਦੀ ਦਿਖ ਬਦਲ ਜਾਵੇਗੀ। ਇਸ ਨਾਲ ਹਲਕੇ ਦਾ ਵਿਕਾਸ ਹੋਵੇਗਾ। ਇਸ ਮੌਕੇ ਜਨ ਸਿਹਤ, ਲੋਕ ਨਿਰਮਾਣ ਵਿਭਾਗ ਅਤੇ ਆਵਾਜਾਈ ਆਦਿ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।