ਨਵੀਂ ਪਾਰਟੀ ਤੋਂ ਪੰਜਾਬ ਦੀ ਸਿਆਸਤ ’ਚ ਹਲਚਲ
ਮਹਿੰਦਰ ਸਿੰਘ ਰੱਤੀਆਂ
ਮੋਗਾ, 7 ਜਨਵਰੀ
ਲੋਕ ਸਭਾ ਚੋਣਾਂ ਮਗਰੋਂ ਸੂਬੇ ਦੀ ਸਿਆਸੀ ਦਿਸ਼ਾ ਬਦਲਦੀ ਹੋਈ ਵਿਖਾਈ ਦੇ ਰਹੀ ਹੈ। ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਅਤੇ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਦੇ ਲੋਕ ਸਭਾ ਬਣਨ ਮਗਰੋਂ ਸੂਬੇ ’ਚ ਸਿਆਸੀ ਗਤੀਵਿਧੀਆਂ ਬਦਲ ਗਈਆਂ ਹਨ। ਇਨ੍ਹਾਂ ਚੋਣਾਂ ਵਿੱਚ ਨਮੋਸ਼ੀਜਨਕ ਹਾਰ ਤੋਂ ਬਾਅਦ ਅਕਾਲੀ ਦਲ ਸੰਕਟ ਦੀ ਘੜੀ ਦਾ ਸਾਹਮਣਾ ਕਰ ਰਿਹਾ ਹੈ।
ਡਿਬੜੂਗੜ੍ਹ ਜੇਲ੍ਹ ’ਚ ਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੀ ਅਗਵਾਈ ’ਚ ਬਣ ਰਹੀ ਨਵੀਂ ਸਿਆਸੀ ਧਿਰ ਕਾਰਨ ਸੂਬੇ ਦੀ ਸਿਆਸਤ ਵਿੱਚ ਹਲਚਲ ਮੱਚ ਗਈ ਹੈ। ਭਾਈ ਗੁਰਸੇਵਕ ਸਿੰਘ ਜਵਾਹਰਕੇ ਅਤੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ 14 ਜਨਵਰੀ ਨੂੰ ਮੁਕਤਸਰ ਮਾਘੀ ਮੇਲੇ ’ਤੇ ਸਿਆਸੀ ਕਾਨਫਰੰਸ ਜਿਥੇ ਪਾਰਟੀ ਦੇ ਨਾਮ ਐਲਾਨ ਕੀਤਾ ਜਾਣਾ ਹੈ ਲਈ ਪੰਜਾਬ ਭਰ ਦੇ ਵਿੱਚ ਮੀਟਿੰਗਾਂ ਦਾ ਸਿਲਸਿਲਾ ਚੱਲ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਰਿਵਾਇਤੀ ਪਾਰਟੀਆਂ ਨਾਲ ਸਬੰਧਤ ਕਿਸੇ ਵੀ ਦਾਗੀ ਆਗੂ ਨੂੰ ਪਾਰਟੀ ’ਚ ਸ਼ਾਮਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਫ਼ਰੀਦਕੋਟ ਹਲਕੇ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਤੇ ਹੋਰਨਾਂ ਨਾਲ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ਵਿਚੋਂ 5 ਵਿੱਚ ਮੀਟਿੰਗਾਂ ਕੀਤੀਆਂ ਹਨ ਜਿਥੇ ਸੰਗਤ ਵਿਚ ਭਾਰੀ ਉਤਸ਼ਾਹ ਹੈ। ਰਵਾਇਤੀ ਸਿਆਸੀ ਪਾਰਟੀਆਂ ਨੇ ਸਿੱਖ ਕੌਮ ਨਾਲ ਇਨਸਾਫ ਨਹੀਂ ਕੀਤਾ। ਭਾਵੇਂ ਉਹ ਬੇਅਦਬੀਆਂ ਦਾ ਮੁੱਦਾ ਹੋਵੇ ਅਤੇ ਭਾਵੇਂ ਹੋਰ ਮੁੱਦੇ ਹੋਣ। ਸੰਗਤ ਖੁਦ ਕਹਿ ਰਹੀ ਹੈ ਕਿ ਹੁਣ ਪੰਜਾਬ ਨੂੰ ਇੱਕ ਚੰਗੀ ਸਿਆਸੀ ਧਿਰ ਦੀ ਲੋੜ ਹੈ। ਉਨ੍ਹਾਂ ਦੀ ਪਾਰਟੀ ਦੇ ਸੂਬੇ ਵਿੱਚ ਸਿੱਖ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਅਤੇ ਪੰਜਾਬ ਦੀਆਂ ਸਥਾਨਕ ਸਮੱਸਿਆਵਾਂ ਜਿਵੇਂ ਕਿ ਬੇਰੁਜ਼ਗਾਰੀ, ਖੇਤੀ ਸੰਕਟ ਆਦਿ ’ਤੇ ਧਿਆਨ ਕੇਂਦਰਿਤ ਹੋਵੇਗਾ। ਇਸ ਦੇ ਨਾਲ ਹੀ ਉਹ ਨਸ਼ਿਆਂ ਖ਼ਿਲਾਫ਼ ਵੀ ਆਵਾਜ਼ ਉਠਾਉਣਗੇ। ਨਵੀਂ ਬਣ ਰਹੀ ਸਿਆਸੀ ਧਿਰ ਦਾ ਮੁੱਖ ਏਜੰਡਾ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਬਣਾਉਣ ਦਾ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸੂਬੇ ’ਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਰਾਜਨੀਤੀ ਵਿੱਚ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਬਣ ਕੇ ਉਭਰੀ ਹੈ। ‘ਆਪ’ ਆਪਣੇ ਭ੍ਰਿਸ਼ਟਾਚਾਰ ਵਿਰੋਧੀ ਰੁਖ ਅਤੇ ਸਾਸ਼ਨ ਸੁਧਾਰਾਂ ’ਤੇ ਧਿਆਨ ਕੇਂਦਰਿਤ ਕਰਦਿਆਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਵਿਰੋਧੀ ਪਾਰਟੀ ਧਿਰ ਅਤੇ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੱਤਾ ’ਚ ਆਈ। ਆਮ ਆਦਮੀ ਪਾਰਟੀ ਨੇ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਜਿੱਤ ਹਾਸਲ ਕੀਤੀ ਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਬਣੇ। ਸਾਲ 2015 ਤੋਂ ਬਾਅਦ ਅਕਾਲੀ ਦਲ ’ਚ ਨਿਘਾਰ ਆਉਣਾ ਸ਼ੁਰੂ ਹੋਇਆ।