ਨਸ਼ਾ ਖ਼ਤਮ ਕਰਨ ਲਈ ਪੰਜਾਬ ਪੁਲੀਸ ਨੇ ਸਖ਼ਤੀ ਵਧਾਈ
ਆਤਿਸ਼ ਗੁਪਤਾ
ਚੰਡੀਗੜ੍ਹ, 29 ਅਪਰੈਲ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਪੁਲੀਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨਾਲ ਇੱਥੇ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੇ 31 ਮਈ ਤੱਕ ਸੂਬੇ ’ਚੋਂ ਨਸ਼ਾ ਮੁਕੰਮਲ ਤੌਰ ’ਤੇ ਖ਼ਤਮ ਕਰਨ ਦਾ ਟੀਚਾ ਮਿੱਥਿਆ ਹੈ। ਇਸ ਤੋਂ ਬਾਅਦ ਜੇ ਕਿਸੇ ਇਲਾਕੇ ਵਿੱਚ ਨਸ਼ਾ ਖ਼ਤਮ ਨਹੀਂ ਹੁੰਦਾ ਤਾਂ ਉਸ ਇਲਾਕੇ ਦੇ ਪੁਲੀਸ ਕਮਿਸ਼ਨਰ, ਐੱਸਐੱਸਪੀਜ਼, ਡੀਐੱਸਪੀਜ਼ ਤੇ ਐੱਸਐੱਚਓਜ਼ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 31 ਮਈ ਤੋਂ ਬਾਅਦ ਸੂਬਾ ਪੱਧਰ ’ਤੇ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਇੰਟੈਲੀਜੈਂਸ ਤੇ ਆਮ ਲੋਕਾਂ ਤੋਂ ਵੀ ਫੀਡਬੈਕ ਲਿਆ ਜਾਵੇਗਾ। ਇਸ ਤੋਂ ਬਾਅਦ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲੀਸ ਅਧਿਕਾਰੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਦੀ ਅਗਵਾਈ ਹੇਠ ਹੋਈ ਇਹ ਮੀਟਿੰਗ 3 ਘੰਟੇ ਚੱਲੀ। ਇਹ ਮੀਟਿੰਗ ਦੋ ਹਿੱਸਿਆਂ ਵਿੱਚ ਹੋਈ। ਪਹਿਲੇ ਹਿੱਸੇ ਵਿੱਚ ਜ਼ਿਲ੍ਹੇਵਾਰ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ ਅਤੇ ਦੂਜੇ ਹਿੱਸੇ ਵਿੱਚ ਫੀਲਡ ਅਧਿਕਾਰੀਆਂ ਨੇ 31 ਮਈ ਤੱਕ ਆਪੋ-ਆਪਣੇ ਜ਼ਿਲ੍ਹਿਆਂ ’ਚੋਂ ਨਸ਼ਾ ਖ਼ਤਮ ਕਰਨ ਲਈ ਬਣਾਈ ਯੋਜਨਾ ਪੇਸ਼ ਕੀਤੀ। ਯਾਦਵ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਪਹਿਲੇ ਗੇੜ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਲਪੇਟ ’ਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ‘ਡਰੱਗ ਗਣਨਾ’ ਵੀ ਕਰਵਾਈ ਜਾਵੇਗੀ।
ਪੁਲੀਸ ਨੇ ਸੂਬੇ ਵਿੱਚ 755 ਡਰੱਗ ਹੌਟਸਪੌਟ ਪਛਾਣੇ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲੀਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਸੂਬੇ ’ਚ 755 ਡਰੱਗ ਹੌਟਸਪੌਟਾਂ ਦੀ ਪਛਾਣ ਕੀਤੀ ਹੈ, ਜਿੱਥੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ’ਤੇ ਪੁਲੀਸ ਵੱਲੋਂ ਵਾਰ-ਵਾਰ ਛਾਪੇ ਮਾਰੇ ਜਾ ਰਹੇ ਹਨ। ਪੁਲੀਸ ਵੱਲੋਂ ‘ਵੱਡੀਆਂ ਮੱਛੀਆਂ’ ਦਾ ਪਿੱਛਾ ਕਰਨ ਅਤੇ ਉਨ੍ਹਾਂ ਨੂੰ ਟਰੈਕ ਕਰਨ ਲਈ ਵੱਖ-ਵੱਖ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ।