ਨਸ਼ਾ ਤਸਕਰਾਂ ਦੀਆਂ ਗ਼ੈਰਕਾਨੂੰਨੀ ਜਾਇਦਾਦਾਂ ’ਤੇ ਚੱਲਿਆ ਪੀਲਾ ਪੰਜਾ
ਮਾਲੇਰਕੋਟਲਾ, 12 ਮਈ
ਪਜਾਬ ਸਰਕਾਰ ਵੱਲੋਂ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਥਾਨਕ ਬੇਰੀਆਂ ਵਾਲੇ ਮੁਹੱਲਾ, ਧੋਬਘਾਟ ਅਤੇ ਮੁਹੱਲਾ ਭੁਮਸੀ ਵਿੱਚ ਤਿੰਨ ਨਸ਼ਾ ਤਸਕਰਾਂ ਵੱਲੋਂ ਕਥਿਤ ਤੌਰ ’ਤੇ ਗ਼ੈਰਕਾਨੂੰਨੀ ਢੰਗ ਨਾਲ ਬਣਾਈਆਂ ਗਈਆਂ ਇਮਾਰਤਾਂ ਨੂੰ ਢਾਹਿਆ ਗਿਆ।
ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਗਰ ਕੌਂਸਲ ਵੱਲੋਂ ਪੁਲੀਸ ਪ੍ਰਸ਼ਾਸਨ ਨਾਲ ਮਿਲ ਕੇ ਅੱਜ ਨਸ਼ਾ ਤਸਕਰਾਂ ਦੀਆਂ ਕਥਿਤ ਗ਼ੈਰਕਾਨੂੰਨੀ ਉਸਾਰੀਆਂ ਢਾਈਆਂ ਗਈਆਂ ਹਨ, ਜਿਸ ਵਿੱਚ ਮੁਹੱਲਾ ਬੇਰੀਆਂ, ਧੋਬਘਾਟ ਅਤੇ ਮੁਹੱਲਾ ਭੁਮਸੀ ਵਿੱਚ ਗ਼ੈਰਕਾਨੂੰਨੀ ਢੰਗ ਨਾਲ ਬਣਾਈਆਂ ਗਈਆਂ ਇਮਾਰਤਾਂ ਸਨ। ਸਮਰੱਥ ਅਥਾਰਟੀ ਤੋਂ ਉਸਾਰੀਆਂ ਨੂੰ ਢਾਹੁਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਨ੍ਹਾਂ ਇਮਾਰਤਾਂ ’ਤੇ ਪੀਲਾ ਪੰਜਾ ਚਲਾਇਆ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇੱਕ ਮੁਲਜ਼ਮ ਖ਼ਿਲਾਫ਼ ਨੌਂ ਪਰਚੇ ਪਹਿਲਾਂ ਤੋਂ ਦਰਜ ਹਨ। ਦੂਜੇ ਵਿਅਕਤੀ ਖ਼ਿਲਾਫ਼ ਚਾਰ ਪਰਚੇ ਅਤੇ ਤੀਜੇ ਵਿਅਕਤੀ ਖ਼ਿਲਾਫ਼ ਇੱਕ ਪਰਚਾ ਦਰਜ ਹੈ।
ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਵੀ ਅਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਜ਼ਿਲ੍ਹਾ ਪੁਲੀਸ ਦੀ ਵਚਨਬੱਧਤਾ ਦੁਹਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ। ਇਸ ਮੌਕੇ ਐੱਸਪੀ ਸੱਤਪਾਲ ਸ਼ਰਮਾ, ਡੀਐੱਸਪੀ ਕੁਲਦੀਪ ਸਿੰਘ ਅਤੇ ਕਾਰਜਸਾਧਕ ਅਫ਼ਸਰ ਅਪਰ ਅਪਾਰ ਸਿੰਘ ਹਾਜ਼ਰ ਸਨ।