ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ
ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 24 ਅਪਰੈਲ
ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਇੱਕ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨੇ ਸਥਾਨਕ ਸ਼ਹਿਰ ਵਿਚ ਇੱਕ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ। ਐਸਪੀ ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਮੁਲਜ਼ਮ ਖ਼ਿਲਾਫ਼ ਨਸ਼ਾ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ 13 ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਹੁਣ ਤੱਕ 150 ਦੇ ਲਗਪਗ ਮਾਮਲੇ ਦਰਜ ਕਰਕੇ ਤਕਰੀਬਨ 200 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਨਰਿੰਦਰਪਾਲ ਸਿੰਘ, ਡੀਐਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ, ਡੀਐਸਪੀ ਕਰਨੈਲ ਸਿੰਘ, ਮੁੱਖ ਥਾਣਾ ਅਫਸਰ ਇੰਸਪੈਕਟਰ ਪ੍ਰਤੀਕ ਜਿੰਦਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਾਰਕਿਟ ਕਮੇਟੀ ਅਤੇ ਪੁਲੀਸ ਮੁਲਾਜ਼ਮ ਹਾਜ਼ਰ ਸਨ।