ਨਸ਼ਾ ਤਸਕਰ ਦੇ ਘਰ ’ਤੇ ਪੀਲਾ ਪੰਜਾ ਚੱਲਿਆ
ਪਠਾਨਕੋਟ, 26 ਮਾਰਚ
ਸੁਜਾਨਪੁਰ ਵਿੱਚ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੇ ਮਿਲ ਕੇ ਇੱਕ ਨਸ਼ਾ ਤਸਕਰ ਦੇ ਘਰ ਨੂੰ ਜੇਸੀਬੀ ਮਸ਼ੀਨ ਨਾਲ ਢਾਹ ਦਿੱਤਾ। ਇਸ ਮੌਕੇ ਐੱਸਐੱਸਪੀ ਦਲਜਿੰਦਰ ਸਿੰਘ ਢਿੱਲੋਂ, ਡਿਊਟੀ ਮੈਜਿਸਟਰੇਟ ਸੁਖਵਿੰਦਰ ਸਿੰਘ, ਐਸਪੀ ਗੁਰਬਾਜ ਸਿੰਘ, ਡੀਐਸਪੀ ਨਛੱਤਰ ਸਿੰਘ, ਬਲਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਐੱਸਐੱਸਪੀ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਨਗਰ ਕੌਂਸਲ ਸੁਜਾਨਪੁਰ ਵੱਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਪਠਾਨਕੋਟ ਪੁਲੀਸ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਾਰਵਾਈ ਦੌਰਾਨ ਕੋਈ ਵੀ ਕਾਨੂੰਨ ਵਿਵਸਥਾ ਦੀ ਸਥਿਤੀ ਪੈਦਾ ਨਾ ਹੋਵੇ ਅਤੇ ਸਥਿਤੀ ਆਮ ਵਾਂਗ ਰਹੇ। ਉਨ੍ਹਾਂ ਦੱਸਿਆ ਕਿ ਅਸਲ ਵਿੱਚ ਨਗਰ ਕੌਂਸਲ ਨੇ ਅਸ਼ਵਨੀ ਕੁਮਾਰ ਨੂੰ ਉਸ ਦੀ ਗੈਰ-ਕਾਨੂੰਨੀ ਉਸਾਰੀ ਸਬੰਧੀ ਪਹਿਲਾਂ ਨੋਟਿਸ ਜਾਰੀ ਕਰ ਦਿੱਤਾ ਸੀ। ਜਦ ਕਿ ਅਸ਼ਵਨੀ ਕੁਮਾਰ ਖ਼ਿਲਾਫ਼ 11 ਅਪਰਾਧਿਕ ਮਾਮਲੇ ਵੀ ਦਰਜ ਹਨ, ਜੋ ਸਾਰੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਹਨ। ਇਸ ਦੇ ਬਾਵਜੂਦ, ਕੋਈ ਜਵਾਬ ਨਾ ਮਿਲਣ ’ਤੇ ਅੱਜ ਮੁਹੱਲਾ ਪ੍ਰੇਮ ਨਗਰ ਸਥਿਤ ਉਸ ਦੇ ਘਰ ਨੂੰ ਜੇਸੀਬੀ ਨਾਲ ਢਾਹ ਦਿੱਤਾ ਗਿਆ। ਐੱਸਐੱਸਪੀ ਢਿੱਲੋਂ ਨੇ ਅੱਗੇ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਸਰਕਾਰੀ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।