ਨਸ਼ਾ ਤਸਕਰ ਦੇ ਘਰ ’ਤੇ ਪ੍ਰਸ਼ਾਸਨ ਦੀ ਕਾਰਵਾਈ
ਸੰਜੀਵ ਹਾਂਡਾ
ਫ਼ਿਰੋਜ਼ਪੁਰ, 13 ਮਈ
ਸਰਹੱਦੀ ਪਿੰਡ ਨਿਹਾਲਾ ਕਿਲਚਾ ਵਿਖੇ ਇੱਕ ਨਾਮੀ ਨਸ਼ਾ ਤਸਕਰ ਜੋਗਿੰਦਰ ਸਿੰਘ ਉਰਫ਼ ਸ਼ੰਮੀ ਪੁੱਤਰ ਲਾਲ ਸਿੰਘ ਵੱਲੋਂ ਕਥਿਤ ਤੌਰ ‘ਤੇ ਸਰਕਾਰੀ ਜ਼ਮੀਨ ‘ਤੇ ਬਣਾਏ ਗਏ ਘਰ ਨੂੰ ਅੱਜ ਸਥਾਨਕ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਢਾਹ ਕੇ ਸਰਕਾਰੀ ਜ਼ਮੀਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਘਰ ਦੇ ਮਾਲਕ ਜੋਗਿੰਦਰ ਸਿੰਘ ਅਤੇ ਉਸ ਦੇ ਪਿਤਾ ਲਾਲ ਸਿੰਘ ਸਮੇਤ ਪਰਿਵਾਰ ਦੇ ਕਈ ਹੋਰ ਮੈਂਬਰ ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ, ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕਰੀਬ 29 ਮੁਕੱਦਮੇ ਦਰਜ ਹਨ। ਕੁਲਦੀਪ ਸਿੰਘ ਵੀ ਨਸ਼ਾ ਤਸਕਰੀ ਦਾ ਨੈੱਟਵਰਕ ਇਸੇ ਕੋਠੀ ਤੋਂ ਚਲਾਉਂਦਾ ਸੀ। ਇਸ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਮੌਕੇ ਤੇ ਮੌਜੂਦ ਤਹਿਸੀਲਦਾਰ ਅਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਜਾਇਦਾਦ ਸਰਕਾਰੀ ਜ਼ਮੀਨ ‘ਤੇ ਉਸਾਰੀ ਗਈ ਸੀ ਅਤੇ ਇਸ ਸਬੰਧੀ ਪਿਛਲੇ ਕਾਫ਼ੀ ਸਮੇਂ ਤੋਂ ਸਥਾਨਕ ਐਸਡੀਐਮ ਦੀ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹੁਣ ਅਦਾਲਤ ਨੇ ਇਸ ਮਾਮਲੇ ਦਾ ਫ਼ੈਸਲਾ ਸਰਕਾਰ ਦੇ ਹੱਕ ਵਿੱਚ ਸੁਣਾ ਦਿੱਤਾ ਹੈ, ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਇਸ ਇੱਕ ਏਕੜ ਜ਼ਮੀਨ ‘ਤੇ ਕਬਜ਼ਾ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।