ਨਸ਼ਾ ਮੁਕਤੀ ਮੁਹਿੰਮ ਨੂੰ ਲੋਕ ਲਹਿਰ ਬਣਾਵਾਂਗੇ: ਸੌਂਦ
ਨਿੱਜੀ ਪੱਤਰ ਪ੍ਰੇਰਕ
ਖੰਨਾ, 19 ਮਈ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅੱਜ ਇਥੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਖੰਨਾ ਦੇ ਪਿੰਡ ਗੋਹ, ਲਲਹੇੜੀ ਅਤੇ ਰਤਨਹੇੜੀ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਤੱਕ 86 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ’ਤੇ ਬੁਲਡੋਜ਼ਰ ਚਲਾਇਆ ਜਾ ਚੁੱਕਾ ਹੈ ਅਤੇ 75 ਤਸਕਰਾਂ ਨੂੰ ਫੜਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਨੌਜਵਾਨ ਨਸ਼ਿਆਂ ਦੀ ਦਲਦਲ ਵੱਲ ਵੱਧ ਗਏ ਸਨ ਜ਼ਿਨ੍ਹਾਂ ਨੂੰ ਬਾਹਰ ਕੱਢ ਕੇ ਖੇਡ ਮੈਦਾਨਾਂ ਵੱਲ ਲਿਆਉਣ ਲਈ ਪੰਜਾਬ ਸਰਕਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹ ਤੋ ਪੁੱਟਿਆ ਜਾਵੇਗਾ ਅਤੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾ ਲਿਆ ਹੈ। ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾਂ ਦੌਰਾਨ ਨੌਜਵਾਨਾਂ ਤੇ ਮਹਿਲਾਵਾਂ ਦਾ ਉਤਸ਼ਾਹ ਵੇਖ ਕੇ ਇਹ ਪ੍ਰਤੀਤ ਹੋ ਰਿਹਾ ਹੈ ਕਿ ਪੰਜਾਬ ਵਿੱਚ ਹੁਣ ਨਸ਼ਿਆ ਦੇ ਸੋਦਾਗਰ ਹੋਰ ਵਧੇਰੇ ਦਿਨ ਟਿਕ ਨਹੀ ਸਕਣਗੇ।
ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਰਾਜ ਨੂੰ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਇਸ ‘ਨਸ਼ਾ ਮੁਕਤੀ ਯਾਤਰਾ’ ਵਿੱਚ ਹਿੱਸੇਦਾਰ ਬਣਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਤੋਂ ਰੰਗਲਾ ਪੰਜਾਬ ਬਣਾ ਸਕੀਏ। ਅੰਤ ਵਿੱਚ ਕੈਬਨਿਟ ਮੰਤਰੀ ਸੌਂਦ ਨੇ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ।
ਇਸ ਮੌਕੇ ਐਸਡੀਐਮ ਡਾ. ਬਲਜਿੰਦਰ ਸਿੰਘ ਢਿੱਲੋਂ, ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਹਲਕਾ ਖੰਨਾ ਤੋਂ ਕੋਆਰਡੀਨੇਟਰ ਪਰਮਪ੍ਰੀਤ ਸਿੰਘ,ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਿਹਾਤੀ ਅਵਤਾਰ ਸਿੰਘ, ਪੁਲਿਸ ਵਿਭਾਗ, ਪੰਚਾਇਤ ਵਿਭਾਗ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚ, ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।