ਨਸ਼ਿਆਂ ਖ਼ਿਲਾਫ਼ ‘ਪਿੰਡ ਦੇ ਪਹਿਰੇਦਾਰ’ ਦਾ ਇਕੱਠ
ਪੰਜਾਬ ਸਰਕਾਰ ਵਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਇੱਥੇ ਪੁਲੀਸ ਲਾਈਨ ਵਿੱਚ ‘ਪਿੰਡ ਦੇ ਪਹਿਰੇਦਾਰ’ ਅਧੀਨ ਇਕੱਠ ਕਰਕੇ ਨਸ਼ਾ ਤਹਿਤ ਸਮਾਜ ਦੀ ਸਿਰਜਨਾ ਕਰਨ ਲਈ ਇਕ ਮਜਬੂਤ ਲਹਿਰ ਦੀ ਉਸਾਰੀ ਕਰਨ ਦੀ ਰੂਪ-ਰੇਖਾ ਬਿਆਨ ਕੀਤੀ ਗਈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਕੀਤੇ ਇਸ ਇਕੱਠ ਵਿੱਚ ਜ਼ਿਲ੍ਹੇ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸਰਪੰਚ-ਪੰਚਾਇਤ, ਆਮ ਆਦਮੀ ਪਾਰਟੀ ਦੇ ਆਗੂ-ਵਰਕਰ ਅਤੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰ ਸ਼ਾਮਲ ਹੋਏ।
ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੇ ਨਸ਼ਿਆਂ ਦਾ ਖਾਤਮਾ ਕਰਨ ਲਈ ਲੋਕਾਂ ਅੰਦਰ ਜਾਗਰੂਕਤਾ ਲਹਿਰ ਪੈਦਾ ਕਰਨ ਤੋਂ ਲੈ ਕੇ ਨਸ਼ਿਆਂ ਦੇ ਆਦੀ ਹੋ ਚੁੱਕੇ ਨੌਜਵਾਨਾਂ ਦਾ ਇਲਾਜ਼ ਕਰਵਾਉਣ ਤੱਕ ਦੀ ਪੇਸ਼ਕਾਰੀ ਕਰਦਾ ਨਾਟਕ ਲੋਕਾਂ ਨੂੰ ਇਕ ਸਾਰਥਕ ਸੰਦੇਸ਼ ਦੇਣ ਵਿੱਚ ਕਾਮਯਾਬ ਰਿਹਾ। ਇਕੱਠ ਨੂੰ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ‘ਆਪ’ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਸੰਬੋਧਨ ਕੀਤਾ। ਇਸ ਮੌਕੇ ਵਿਧਾਇਕ ਕਸ਼ਮੀਰ ਸਿੰਘ ਸੋਹਲ, ਸਰਵਣ ਸਿੰਘ ਧੁੰਨ, ਡਿਪਟੀ ਕਮਿਸ਼ਨਰ ਰਾਹੁਲ, ਐੱਸਐੱਸਪੀ ਅਭਿਮੰਨਿਊ ਰਾਣਾ, ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਸੋਨੀਆ ਮਾਨ, ਜ਼ਿਲ੍ਹਾ ਕੋਆਰਡੀਨੇਟਰ ਅਮਿੰਦਰ ਐਮੀ ਹਾਜ਼ਰ ਸਨ।