ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਪੰਚਾਇਤਾਂ ਨੂੰ ਅੱਗੇ ਆਉਣ ਸੱਦਾ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 12 ਅਪਰੈਲ
ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਜੰਗ ’ਚ ਜ਼ਮੀਨੀ ਪੱਧਰ ਦੇ ਪ੍ਰਸ਼ਾਸਨ ਦੇ ਮਜ਼ਬੂਤ ਹਿੱਸੇ ਕੌਂਸਲਰ, ਸਰਪੰਚ ਅਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਅਪਣਾਉਣ ਦੀ ਅਪੀਲ ਕੀਤੀ। ਵਿਧਾਇਕ ਗੱਜਣਮਾਜਰਾ ਅੱਜ ਜ਼ਿਲ੍ਹਾ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ ਦੌਰਾਨ ਹਲਕੇ ਦੀਆਂ ਕਰੀਬ 80 ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ, ਨੌਜਵਾਨਾਂ ਅਤੇ ਨੰਬਰਦਾਰਾਂ ਆਦਿ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਸਥਾਨਕ ਆਗੂਆਂ ਦੀ ਭੂਮਿਕਾ ਨੂੰ ਮਹੱਤਵਪੂਰਨ ਕਰਾਰ ਦਿੰਦੇ ਹੋਏ ਉਨ੍ਹਾਂ ਸਰਪੰਚਾਂ, ਕੌਂਸਲਰਾਂ ਅਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮਦਦ ਨਾ ਕਰਨ ਲਈ ਆਖਿਆ। ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਨਸ਼ਿਆਂ ਦੀ ਅਲਾਮਤ ਖ਼ਿਲਾਫ਼ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਅਵਾਮ ਨੂੰ ਵਧ-ਚੜ੍ਹ ਕੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਦਾ ਸੱਦਾ ਦਿੱਤਾ। ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਲੋਕ ਪੁਲੀਸ ਨਾਲ ਮਿਲ ਕੇ ਨਸ਼ਾ ਤਸਕਰਾਂ ਵਿਰੁੱਧ ਜਾਣਕਾਰੀ ਸਾਂਝੀ ਕਰਨ ਤਾਂ ਜੋ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਲਾਈਫ਼ ਕੋਚ ਰਣਦੀਪ ਸਿੰਘ ਨੇ ਧਾਰਮਿਕ ਸਿੱਖਿਆਵਾਂ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਪੰਚਾਇਤਾਂ ਨੂੰ ਸਹੁੰ ਵੀ ਚੁਕਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਡੀ) ਨਵਦੀਪ ਕੌਰ, ਐੱਸਪੀ (ਐਚ) ਗੁਰਸ਼ਰਨਜੀਤ ਸਿੰਘ ਸੰਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਰਿੰਪੀ ਗਰਗ, ਡੀਐੱਸਪੀ ਦਵਿੰਦਰ ਸਿੰਘ, ਸਿਵਲ ਸਰਜਨ ਡਾ. ਸੰਜੇ ਗੋਇਲ ਮੁਹੰਮਦ ਰਫੀ, ਹਰਪ੍ਰੀਤ ਸਿੰਘ, ਕੇਵਲ ਸਿੰਘ ਜਾਗੋਵਾਲ, ਗੁਰਮੁੱਖ ਸਿੰਘ, ਰਾਜੀਵ, ਨਾਸਰ, ਅਭਿਜੋਤ ਸਿੰਘ ਤੇ ਪ੍ਰਿਤਪਾਲ ਆਦਿ ਹਾਜ਼ਰ ਸਨ।