ਨਸ਼ਿਆਂ ਖ਼ਿਲਾਫ਼ ਯੁੱਧ ਮੁਹਿੰਮ ਜਾਰੀ ਰਹੇਗੀ: ਰਹਿਮਾਨ
ਮੁਕੰਦ ਸਿੰਘ ਚੀਮਾ
ਸੰਦੌੜ, 31 ਮਈ
ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ’ਚੋਂ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖ਼ਾਤਮੇ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਾਰੀ ਰਹੇਗੀ। ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਅੱਜ ਪਿੰਡ ਨੱਥੋਹੇੜੀ, ਸੇਖੂਪੁਰ ਖੁਰਦ ਅਤੇ ਸੁਲਤਾਨਪੁਰ ਬਧਰਾਵਾਂ ਵਿੱਚ ਨਸ਼ਿਆਂ ਖਿਲਾਫ ਕਰਵਾਏ ਗਏ ਸਮਾਗਮਾਂ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖ਼ਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਅਤੇ ਵਾਰਡ ਦੀ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ `ਤੇ ਖਾਤਮਾ ਕਰ ਰਹੀ ਹੈ, ਉੱਥੇ ਨਸ਼ਿਆਂ ਦੀ ਗ੍ਰਿਫਤ ਵਿਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਮੁੜ ਤੋਂ ਆਪਣੇ ਪੈਰਾਂ ’ਤੇ ਖੜ੍ਹੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਹੁਣ ਜਦੋਂ ਲੋਕ ਇਸ ਅਲਾਮਤ ਖਿਲਾਫ ਉੱਠ ਖੜ੍ਹੇ ਹੋਏ ਹਨ ਤਾਂ ਪੰਜਾਬ ਦੀ ਧਰਤੀ ’ਤੇ ਹੁਣ ਜ਼ਿਆਦਾ ਦੇਰ ਨਸ਼ੇ ਨਹੀਂ ਰਹਿਣਗੇ। ਇਸ ਮੌਕੇ ਕੋਆਡੀਨੇਟਰ ਨਸ਼ਾ ਛੁਡਾਊ ਕਮੇਟੀ ਸ਼ਿੰਗਾਰਾ ਸਿੰਘ, ਬੀਡੀਪੀਓ ਜਗਰਾਜ ਸਿੰਘ, ਪੰਚਾਇਤ ਅਫ਼ਸਰ ਦਵਿੰਦਰ ਕੁਮਾਰ ਗੋਗੀ, ਪੰਚਾਇਤ ਸਕੱਤਰ ਜਗਮੋਹਨ ਸਿੰਘ, ਪੰਚਾਇਤ ਸਕੱਤਰ ਮੁਹੰਮਦ ਜਮੀਲ, ਨਰੇਗਾ ਸਕੱਤਰ ਸੰਦੀਪ ਕੌਰ, ਸਰਪੰਚ ਬਲਜੀਤ ਕੌਰ, ਸਰਪੰਚ ਅਮਨਦੀਪ ਸਿੰਘ ਬਧਰਾਵਾਂ, ਪੰਚਾਇਤ ਸਕੱਤਰ ਬਲਵਿੰਦਰ ਸਿੰਘ ਤੇ ਗੁਰਵੀਰ ਸਿੰਘ ਆਦਿ ਹਾਜ਼ਰ ਸਨ।