ਨਸ਼ਿਆਂ ਦੇ ਖ਼ਾਤਮੇ ਲਈ ਵਾਰਡ ਪੱਧਰ ’ਤੇ ਬਣਨਗੀਆਂ ਕਮੇਟੀਆਂ: ਮੋਹਿੰਦਰ ਭਗਤ
ਹਤਿੰਦਰ ਮਹਿਤਾ
ਜਲੰਧਰ, 6 ਮਈ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਹਲਕਾ ਜਲੰਧਰ ਪੱਛਮੀ ਦੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਬਸਤੀ ਨੌ ਸਥਿਤ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਪਿੰਡ ਸੁਰੱਖਿਆ ਕਮੇਟੀਆਂ’ ਦੀ ਤਰਜ਼ ’ਤੇ ਸ਼ਹਿਰਾਂ ਵਿੱਚ ਵੀ ਵਾਰਡ ਪੱਧਰ ’ਤੇ ਅਜਿਹੀਆਂ ਕਮੇਟੀਆਂ ਦਾ ਗਠਨ ਕਰਨਾ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਦ੍ਰਿੜ੍ਹ ਸੰਕਲਪ ਹੈ ਅਤੇ ਸਰਕਾਰ ਨੇ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਨਸ਼ਾ ਮੁਕਤ ਦੇਖਣਾ ਚਾਹੁੰਦੇ ਹਨ, ਜਿਸ ਦੇ ਲਈ ਪਿੰਡਾਂ ਦੇ ਪਹਿਰੇਦਾਰ ਵਜੋਂ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਨਸ਼ਿਆਂ ਖਿਲਾਫ਼ ਵਿੱਚ ਜੰਗ ਵਿੱਚ ਸਭ ਨੂੰ ਇਮਾਨਦਾਰੀ ਨਾਲ ਜੁੱਟਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਯੂਥ ਪ੍ਰਧਾਨ ਰੁਬਲ ਸੰਧੂ, ਪੰਜਾਬ ਖਾਦੀ ਗ੍ਰਾਮ ਉਦਯੋਗ ਬੋਰਡ ਦੇ ਉਪ ਚੇਅਰਮੈਨ ਪਵਨ ਹੰਸ, ਕੌਂਸਲਰ ਰੋਮੀ ਵਧਵਾ, ਜਲੰਧਰ ਪੱਛਮੀ ਇੰਚਾਰਜ ਕਮਲ ਲੋਚ, ਸੰਜੀਵ ਭਗਤ, ਗੁਰਨਾਮ ਸਿੰਘ, ਗੌਰਵ ਜੰਗ, ਸੁਖਵਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਹੋਰ ਵਰਕਰ ਵੀ ਮੌਜੂਦ ਸਨ।