ਨਸ਼ਿਆਂ ਦੇ ਖ਼ਾਤਮੇ ਲਈ ਨੌਜਵਾਨ ਸਰਗਰਮ ਭੂਮਿਕਾ ਨਿਭਾਉਣ: ਜੌੜਾਮਾਜਰਾ
ਸੁਭਾਸ਼ ਚੰਦਰ
ਸਮਾਣਾ, 20 ਮਈ
ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦਾ ਪੂਰਨ ਤੌਰ ’ਤੇ ਖ਼ਾਤਮਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਸਮਾਣਾ ਸ਼ਹਿਰ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਬੁਰਾਈ ਦੇ ਖ਼ਾਤਮੇ ਲਈ ਜਾਗਰੂਕ ਕਰ ਰਹੀ ਹੈ। ਪਿੰਡ ਲੰਗੜੋਈ, ਡਰੋਲੀ, ਡਰੋਲਾ, ਸੱਸਾ ਗੁੱਜਰਾ, ਭਗਵਾਨਪੁਰਾ ਤੇ ਸੱਸੀ ਬ੍ਰਹਮਣਾ ਦੇ ਵਸਨੀਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਦਿਆਂ ਵਿਧਾਇਕ ਜੌੜਾਮਾਜਰਾ ਨੇ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਸਥਾਨਕ ਲੋਕਾਂ ਨੂੰ ਆਪਣੇ ਇਲਾਕੇ ’ਚ ਨਸ਼ਾ ਨਾ ਵਿਕਣ ਦੇਣ ਅਤੇ ਉਨ੍ਹਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ।
ਦਲਵੀਰ ਢਿੱਲੋਂ ਵੱਲੋਂ ਸੁਰੱਖਿਆ ਕਮੇਟੀਆਂ ਨਾਲ ਮੀਟਿੰਗ
ਧੂਰੀ (ਪਵਨ ਕੁਮਾਰ ਵਰਮਾ): ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਈਸਾਪੁਰ ਲੰਡਾ, ਫਰਵਾਹੀ ਤੇ ਚੰਗਾਲੀ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਸਖਤ ਫੈਸਲਿਆਂ ਸਦਕਾ ਹੁਣ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਬਹੁਤੇ ਵਪਾਰੀ ਛੱਡ ਕੇ ਚਲੇ ਗਏ ਹਨ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ।Advertisement