ਨਸ਼ਿਆਂ ਵਿਰੁੱਧ ਅਸਲੀ ਜੰਗ ਬਸਪਾ ਲੜ ਰਹੀ ਹੈ: ਕਰੀਮਪੁਰੀ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਮਈ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਅਤੇ ‘ਆਪ’ ਨਸ਼ਿਆਂ ਖ਼ਿਲਾਫ਼ ਨਹੀਂ ਲੜ ਰਹੀ ਬਲਕਿ 15 ਮਾਰਚ ਤੋਂ ਬਸਪਾ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਲੜ ਰਹੀ ਹੈ।
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ‘ਆਪ’ ਤਾਂ ਇਸ ਗੰਭੀਰ ਮੁੱਦੇ ਉੱਤੇ ਡਰਾਮਾ ਕਰਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ 22 ਮਈ ਦੇ ਸੂਬਾ ਪੱਧਰੀ ਅੰਦੋਲਨ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਬਸਪਾ ਸਮੁੱਚੇ ਪੰਜਾਬ ਨੂੰ ਬਚਾਉਣ ਦਾ ਸਕੰਲਪ ਲੈ ਕੇ ਸੂਬਾ ਪੱਧਰੀ ਅੰਦੋਲਨ ਸ਼ੁਰੂ ਕੀਤਾ ਸੀ ਜਿਸ ਨੂੰ ਅੰਮ੍ਰਿਤਸਰ ਦੀ ਪਵਿੱਤਰ ਧਰਤੀ ’ਤੇ ਨਕਲੀ ਸ਼ਰਾਬ ਨਾਲ ਮਰੇ ਵਿਆਕਤੀਆਂ ਅਤੇ ਸਰਕਾਰ ਦੇ ਫੇਲ੍ਹ ਹੋਣ ਕਾਰਨ ਉੱਜੜੇ ਪਰਿਵਾਰਾਂ ਨੂੰ ਸਮਰਪਿਤ ਕੀਤਾ ਗਿਆ ਹੈ।
ਬਸਪਾ ਵੱਲੋਂ 22 ਮਈ ਨੂੰ ਸੂਬਾ ਭਰ ਦੇ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜੇ ਜਾਣਗੇ।
ਉਨ੍ਹਾਂ ਪੰਜਾਬ ਸਰਕਾਰ ਤੋਂ ਹਰ ਮ੍ਰਿਤਕ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇ ਨਾਲ ਨਾਲ 1-1 ਕਰੋੜ ਦੀ ਆਰਥਿਕ ਸਹਾਇਤਾ ਦੇਣ ਅਤੇ ਬਿਮਾਰਾਂ ਲਈ ਆਰਥਿਕ ਸਹਾਇਤਾ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਭਾਜਪਾ ਤੇ ਵਰ੍ਹਦਿਆਂ ਕਿਹਾ ਕਿ ਭਾਜਪਾ ਨਸ਼ਿਆਂ ਅਤੇ ਇਸ ਨਾਲ ਬਰਬਾਦ ਹੋ ਰਹੇ ਲੋਕਾਂ ਨੂੰ ਆਪਣਾ ਸਿਆਸੀ ਮੈਦਾਨ ਭਖਾਉਣ ਲਈ ਵਰਤ ਰਹੀ ਹੈ।