ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ ਕਰਨ ਦੀ ਲੋੜ: ਹਡਾਣਾ
ਖੇਤਰੀ ਪ੍ਰਤੀਨਿਧ
ਪਟਿਆਲਾ, 2 ਅਪਰੈਲ
ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੀ ਕੜੀ ਵਜੋਂ ‘ਆਪ’ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਅੱਜ ਇੱਥੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ (ਸੂਬਾਈ ਸਕੱਤਰ ‘ਆਪ’) ਦੇ ਦਫ਼ਤਰ ਵਿੱਚ ਹੋਈ। ਇਸ ਦੌਰਾਨ ਹਡਾਣਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਫੈਲਾਏ ਗਏ ਨਸ਼ੇ ਦੇ ਜ਼ਹਿਰ ਨੂੰ ਖ਼ਤਮ ਕਰਨ ਲਈ ‘ਆਪ’ ਦਾ ਪੂਰਾ ਸੰਗਠਨ ਦਿਨ ਰਾਤ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਬੈਨਰ ਹੇਠਾਂ ਸ਼ੁਰੂ ਕੀਤੀ ਮੁਹਿੰਮ ਨੂੰ ਆਮ ਲੋਕਾਂ ਦਾ ਵੀ ਭਰਵਾਂ ਹੁੰਗਾਰ ਮਿਲ ਰਿਹਾ ਹੈ ਤੇ ‘ਆਪ’ ਵਰਕਰ ਵੀ ਇਸ ਮੁਹਿੰਮ ’ਚ ਕੁੱਦੇ ਹੋਏ ਹਨ। ਮੀਟਿੰਗ ’ਚ ‘ਆਪ’ ਦੇ ਲੋਕ ਸਭਾ ਹਲਕੇ ਦੇ ਇੰਚਾਰਜ ਇੰਦਰਜੀਤ ਸੰਧੂ, ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਜ਼ਿਲ੍ਹਾ ਸਕੱਤਰ ਸੁਖਦੇਵ ਔਲਖ ਤੇ ਗੁਲਜ਼ਾਰ ਪਟਿਆਲਵੀ, ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਘਰਾਚੋਂ, ਜ਼ਿਲ੍ਹਾ ਸਕੱਤਰ ਸੁਰਿੰਦਰ ਬਨਾਰਸੀ, ਮਾਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਸ਼ਾਕਿਬ ਅਲੀ ਰਾਜਾ, ਜ਼ਿਲ੍ਹਾ ਸਕੱਤਰ ਕੇਵਲ ਸਿੰਘ ਜਾਗੋਵਾਲ, ਰੋਪੜ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ, ਜ਼ਿਲ੍ਹਾ ਸਕੱਤਰ ਰਾਮ ਕੁਮਾਰ ਮੁਕਾਰੀ ਅਤੇ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਮੁਹਾਲੀ ਆਦਿ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਡਾਣਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਬਾਰੇ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੋਨ ਨੰਬਰ (9779100200) ’ਤੇ ਬੇਝਿਜਕ ਹੋ ਕੇ ਦੇਣ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।