ਨਸ਼ੇ ਦੀਆਂ ਗੋਲੀਆਂ ਸਮੇਤ ਤਸਕਰ ਗ੍ਰਿਫ਼ਤਾਰ
ਰਾਏਕੋਟ (ਸੰਤੋਖ ਗਿੱਲ): ਥਾਣਾ ਸਦਰ ਰਾਏਕੋਟ ਦੀ ਜਲਾਲਦੀਵਾਲ ਪੁਲੀਸ ਚੌਕੀ ਦੇ ਇੰਚਾਰਜ ਥਾਣੇਦਾਰ ਲਖਵੀਰ ਸਿੰਘ ਨੇ 180 ਨਸ਼ੀਲੀਆਂ ਗੋਲੀਆਂ ਸਮੇਤ ਪਿੰਡ ਬੁਰਜ ਹਰੀ ਸਿੰਘ ਵਾਸੀ ਨਸ਼ਾ ਤਸਕਰ ਅਮਰਜੀਤ ਸਿੰਘ ਉਰਫ਼ ਪੱਪਾ ਨੂੰ ਜਲਾਲਦੀਵਾਲ ਦੀ ਦਾਣਾ ਮੰਡੀ ਲਾਗੇ ਕਾਬੂ ਕਰ ਲਿਆ ਹੈ। ਜਾਂਚ ਅਫ਼ਸਰ ਥਾਣੇਦਾਰ ਲਖਵੀਰ ਸਿੰਘ ਅਨੁਸਾਰ ਮੁਲਜ਼ਮ ਵਿਰੁੱਧ ਨਸ਼ਾ ਤਸਕਰੀ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤੋਂ ਇਲਾਵਾ ਵਾਰ-ਵਾਰ ਨਸ਼ਾ ਤਸਕਰੀ ਵਰਗੇ ਗੰਭੀਰ ਅਪਰਾਧ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। ਜਾਂਚ ਅਫ਼ਸਰ ਲਖਵੀਰ ਸਿੰਘ ਅਨੁਸਾਰ ਮੁਲਜ਼ਮ ਨੂੰ ਜਗਰਾਉਂ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਅਦਾਲਤ ਨੇ ਇਕ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ। ਕਾਬਿਲੇਗ਼ੌਰ ਹੈ ਕਿ ਮੁਲਜ਼ਮ ਅਮਰਜੀਤ ਸਿੰਘ ਉਰਫ਼ ਪੱਪਾ ਖ਼ਿਲਾਫ਼ ਨਸ਼ਾ ਤਸਕਰੀ ਦੇ ਦਰਜਨ ਮੁਕੱਦਮੇ ਪਹਿਲਾਂ ਹੀ ਦਰਜ ਹਨ ਅਤੇ ਪਿਛਲੇ ਮੰਗਲਵਾਰ ਪਿੰਡ ਬੁਰਜ ਹਰੀ ਸਿੰਘ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਡਾਕਟਰ ਅੰਕੁਰ ਗੁਪਤਾ ਦੀ ਅਗਵਾਈ ਹੇਠ ਅਮਰਜੀਤ ਸਿੰਘ ਉਰਫ਼ ਪੱਪਾ ਦੀ ਤਿੰਨ ਮੰਜ਼ਲੀ ਕੋਠੀ ਉਪਰ ਲੁਧਿਆਣਾ (ਦਿਹਾਤੀ) ਪੁਲੀਸ ਵੱਲੋਂ ਬੁਲਡੋਜ਼ਰ ਚਲਾਇਆ ਗਿਆ ਸੀ। ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਨਸ਼ਾ ਤਸਕਰੀ ਦੇ ਢਾਈ ਦਰਜਨ ਮੁਕੱਦਮੇ ਪਹਿਲਾਂ ਹੀ ਦਰਜ ਹਨ। ਉਸ ਦੇ ਦੋਵੇਂ ਪੁੱਤਰ ਹਰਪ੍ਰੀਤ ਸਿੰਘ ਉਰਫ਼ ਚਿੱਲੂ ਅਤੇ ਗੁਰਪ੍ਰੀਤ ਸਿੰਘ ਗੋਪੀ ਦੋਵੇਂ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹਨ ਅਤੇ ਉਸ ਦੀ ਪਤਨੀ ਸੋਨੀ ਕੌਰ ਖ਼ਿਲਾਫ਼ ਵੀ ਚਾਰ ਕੇਸ ਦਰਜ ਹਨ।