ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 7 ਮਈ
ਇੱਥੋਂ ਨੇੜਲੇ ਪਿੰਡ ਦੁੱਗਾਂ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਦੂਜੇ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
ਪਿੰਡ ਦੇ ਸਾਬਕਾ ਸਰਪੰਚ ਦਲਵੀਰ ਸਿੰਘ ਸਿੱਧੂ, ਨੌਜਵਾਨ ਆਗੂ ਰਾਜਵੀਰ ਸਿੰਘ ਰਾਜੂ ਅਤੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋ ਨੌਜਵਾਨ ਮੱਖਣ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਪਿੰਡ ਦੀ ਦਾਣਾ ਮੰਡੀ ਕੋਲੋਂ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਸਨ। ਦੋਵਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਲਾਜ ਦੌਰਾਨ ਮੱਖਣ ਸਿੰਘ ਦੀ ਅੱਜ ਮੌਤ ਹੋ ਗਈ ਹੈ। ਮੱਖਣ ਸਿੰਘ ਦੇ ਪਿਤਾ ਬਿਮਾਰ ਰਹਿੰਦੇ ਹਨ। ਉਸ ਦੀ ਮਾਤਾ ਤੇ ਦਾਦੀ ਲੋਕਾਂ ਦੇ ਘਰਾਂ ਵਿੱਚ ਕੰਮ ਕਰ ਕੇ ਗੁਜ਼ਾਰਾ ਕਰਦੀਆਂ ਹਨ। ਦੋਵਾਂ ਦੀ ਉਮਰ 18 ਤੋਂ 20 ਸਾਲ ਦੇ ਕਰੀਬ ਹੈ। ਸਾਬਕਾ ਸਰਪੰਚ ਸਿੱਧੂ, ਰਾਜੂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਦੁੱਗਾਂ ਵਿੱਚ ਨਸ਼ਾ ਵਿਕਣ ਸਬੰਧੀ ਕਈ ਵਾਰ ਬਡਰੁੱਖਾਂ ਪੁਲੀਸ ਚੌਕੀ ਦੇ ਇੰਚਾਰਜ, ਐੱਸਐੱਚਓ ਥਾਣਾ ਲੌਂਗੋਵਾਲ ਅਤੇ ਡੀਐੱਸਪੀ ਸੁਨਾਮ ਨੂੰ ਸ਼ਿਕਾਇਤਾਂ ਦਿੱਤੀਆਂ ਹਨ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਡੀਐੱਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਪਿੰਡ ਦੁੱਗਾਂ ਤੋਂ ਇਸ ਸਬੰਧੀ ਪਹਿਲਾਂ ਕੋਈ ਵੀ ਸ਼ਿਕਾਇਤ ਨਹੀਂ ਆਈ। ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਵੇਚਣ ਵਾਲੇ ਸੌਦਾਗਰਾਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।