ਨਹਿਰੀ ਪਾਣੀ ਦੇ ਪ੍ਰਾਜੈਕਟਾਂ ਬਾਰੇ ਸਮੀਖਿਆ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਮਈ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਕਵਾਇਦ ਤਹਿਤ ਵਿਧਾਨ ਸਭਾ ਹਲਕਾ ਧੂਰੀ ਦੇ ਵੱਖ-ਵੱਖ ਖੇਤਰਾਂ ਵਿੱਚ ਕੰਮ ਜ਼ੋਰਾਂ ’ਤੇ ਹੈ। ਇਨ੍ਹਾਂ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਹਲਕਾ ਧੂਰੀ ਨਾਲ ਸਬੰਧਤ 36 ਪਿੰਡਾਂ ਦੇ ਕਿਸਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਧੂਰੀ ਵਿੱਚ ਹਜ਼ਾਰਾਂ ਏਕੜ ਤੋਂ ਵਧੇਰੇ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਥਾਂ ਥਾਂ ਉੱਤੇ ਮੋਘਿਆਂ ਦਾ ਨਿਰਮਾਣ ਕੰਮ ਕਰਵਾਇਆ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਧੂਰੀ ਵਿੱਚ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਬਹੁਤ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੱਲ ਰਹੇ ਜ਼ਿਆਦਾਤਰ ਕੰਮ ਝੋਨੇ ਦੀ ਬਿਜਾਈ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਹੈ। ਅਗਾਮੀ ਝੋਨੇ ਦੀ ਬਿਜਾਈ ਮੌਕੇ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਵਰਤਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੱਲ ਰਹੇ ਕੰਮ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਨੂੰ ਤਰਜੀਹ ਦੇਣ। ਮੀਟਿੰਗ ਵਿੱਚ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ (ਲੱਖਾ), ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਯਸ਼ਪਾਲ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵ) ਸੁਖਚੈਨ ਸਿੰਘ ਪਾਪੜਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।