ਨਾਬਾਲਗ ਲੜਕੇ ਦੀ ਮੌਤ ਮਗਰੋਂ ਹੰਗਾਮਾ
ਪੱਤਰ ਪ੍ਰੇਰਕ
ਜਲੰਧਰ, 5 ਜਨਵਰੀ
ਇਥੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਭਾਰਗਵ ਨਗਰ ਵਿੱਚ ਇੱਕ ਬੱਚੇ ਦੀ ਮੌਤ ਨੂੰ ਨਸ਼ੇ ਦੀ ਓਵਰਡੋਜ਼ ਕਰਾਰ ਦਿੰਦਿਆਂ ਭਾਰਗਵ ਕੈਂਪ ਥਾਣੇ ਦੇ ਐੱਸਐੱਚਓ ’ਤੇ ਗੰਭੀਰ ਦੋਸ਼ ਲਾਏ ਹਨ। ਸਾਬਕਾ ਵਿਧਾਇਕ ਤੇ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਹੈ ਕਿ ਪੁਲੀਸ ਨੇ ਦਬਾਅ ਪਾ ਕੇ ਪਰਿਵਾਰ ਵਾਲਿਆਂ ਨੂੰ ਦਸਤਖ਼ਤ ਕਰਨ ਲਈ ਮਜਬੂਰ ਕੀਤਾ ਹੈ, ਕਿਉਂਕਿ ਬੱਚੇ ਦੀ ਮੌਤ ਨਸ਼ੇ ਕਾਰਨ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੀੜਤ ਪਰਿਵਾਰ ਨੂੰ ਇਹ ਦੱਸਣ ਲਈ ਮਜਬੂਰ ਕੀਤਾ ਕਿ ਕਿ ਬੱਚੇ ਦੀ ਮੌਤ ਬਿਮਾਰੀ ਕਾਰਨ ਹੋਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਭਾਰਗਵ ਕੈਂਪ ਥਾਣੇ ਦੇ ਐੱਸਐੱਚਓ ਸੁਖਵੰਤ ਸਿੰਘ ਨੇ ਸਾਰੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ। ਐੱਸਐੱਚਓ ਸੁਖਵੰਤ ਸਿੰਘ ਨੇ ਕਿਹਾ ਕਿ ਜੇਕਰ ਅਜਿਹਾ ਕੁਝ ਵੀ ਹੋਇਆ ਹੁੰਦਾ ਤਾਂ ਪੋਸਟ ਮਾਰਟਮ ਕਰਵਾਇਆ ਜਾਣਾ ਸੀ ਪਰ ਪਰਿਵਾਰ ਵਾਲਿਆਂ ਨੇ ਅਜਿਹਾ ਕੁਝ ਨਹੀਂ ਕਿਹਾ। ਇਸ ਪੂਰੀ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਕੁਝ ਪੋਸਟ ਵੀ ਸਾਹਮਣੇ ਆਈਆਂ ਸਨ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ 14 ਸਾਲ ਦੇ ਬੱਚੇ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।