ਨਾਲੀ ’ਚ ਪਾਣੀ ਦੀਆਂ ਪਾਈਪਾਂ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ
ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 14 ਮਈ
ਕਰਤਾਰਪੁਰ ਸ਼ਹਿਰ ਵਿੱਚ ਪੀਣ ਵਾਲੇ ਸਾਫ-ਸੁਥਰੇ ਪਾਣੀ ਦੀਆਂ ਪਾਈਪਾਂ ਗੰਦੇ ਪਾਣੀ ਦੀ ਨਿਕਾਸੀ ਲਈ ਬਣੀਆਂ ਨਾਲੀਆਂ ’ਤੇ ਪਾਏ ਜਾਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਇਹ ਪਾਈਪਾਂ ਕਈ ਥਾਵਾਂ ਤੋਂ ਟੁੱਟ ਕੇ ਨਾਲੀ ਵਿੱਚ ਡਿੱਗ ਜਾਂਦੀਆਂ ਹਨ। ਇਸ ਤਰ੍ਹਾਂ ਪਾਈਪਾਂ ਦੇ ਜੋੜਾਂ ਰਾਹੀਂ ਗੰਦਾ ਪਾਣੀ ਸਾਫ-ਸੁਥਰੇ ਪਾਣੀ ਨਾਲ ਮਿਲ ਜਾਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਕਈ ਵਾਰ ਪਾਣੀ ਦੀਆਂ ਪਾਈਪਾਂ ਨਾਲੀ ਵਿੱਚ ਡਿੱਗਣ ਕਾਰਨ ਗੰਦਾ ਪਾਣੀ ਅਤੇ ਗਾਰ ਜਮ੍ਹਾਂ ਹੋ ਜਾਂਦੀ ਹੈ। ਇਸ ਤਰ੍ਹਾਂ ਜ਼ਹਿਰੀਲੇ ਕੀੜੇ ਤੇ ਮੱਛਰ ਪੈਦਾ ਹੁੰਦੇ ਹਨ। ਇਸ ਸਬੰਧੀ ਨਗਰ ਕੌਂਸਲ ਕਰਤਾਰਪੁਰ ਦੇ ਐੱਸਓ ਕਮਲਪ੍ਰੀਤ ਨੇ ਕਿਹਾ ਕਿ ਪਾਣੀ ਦੀਆਂ ਪਾਈਪਾਂ ਨਾਲੀ ਵਿੱਚ ਡਿੱਗਣ ਤੇ ਮਾਮਲੇ ਦੀ ਜਾਂਚ ਕਰਕੇ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਨੂੰ ਦਰੁਸਤ ਕੀਤਾ ਜਾਵੇਗਾ। ਇਸ ਸਬੰਧੀ ਨਗਰ ਕੌਂਸਲ ਦੀ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਕੌਰ ਨੇ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀ ਸਮੇਂ-ਸਮੇਂ ਸ਼ਹਿਰ ਵਿੱਚ ਪਾਈਪਾਂ ਦੀ ਜਾਂਚ ਕਰਦੇ ਰਹਿੰਦੇ ਹਨ। ਉਨ੍ਹਾਂ ਕੋਲ ਅਜਿਹਾ ਕੋਈ ਮਾਮਲਾ ਧਿਆਨ ਵਿੱਚ ਆਉਣ ’ਤੇ ਫੌਰੀ ਕਾਰਵਾਈ ਕੀਤੀ ਜਾਵੇਗੀ।