ਨਿਗਮ ਚੋਣਾਂ: ਕਾਂਗਰਸੀ ਆਗੂਆਂ ਵੱਲੋਂ ਘਪਲੇਬਾਜ਼ੀ ਦਾ ਦੋਸ਼
ਹਤਿੰਦਰ ਮਹਿਤਾ
ਜਲੰਧਰ, 26 ਦਸੰਬਰ
ਇਥੇ ਕਾਂਗਰਸ ਨੇ ਸਥਾਨਕ ਨਗਰ ਨਿਗਮ ਚੋਣਾਂ ਦੌਰਾਨ ਘਪਲੇਬਾਜ਼ੀ ਦਾ ਦੋਸ਼ ਲਗਾਉਂਦੇ ਹੋਏ ‘ਆਪ’ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਨਿਗਮ ਚੋਣਾਂ ਵਿੱਚ ਨਿਯੁਕਤ ਰਿਟਰਨਿੰਗ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਕਾਂਗਰਸ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਜੇ ਇਹ ਘਪਲਾ ਨਾ ਹੁੰਦਾ ਤਾਂ ‘ਆਪ’ ਸਿਰਫ਼ 5 ਸੀਟਾਂ ਹੀ ਜਿੱਤ ਸਕਦੀ ਸੀ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਫਸਰਾਂ ਖ਼ਿਲਾਫ਼ ਚੋਣ ਟ੍ਰਿਬਿਊਨਲ ਨੂੰ ਸ਼ਿਕਾਇਤ ਕੀਤੀ ਜਾਵੇਗੀ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਰਾਜਿੰਦਰ ਬੇਰੀ, ਕਾਂਗਰਸੀ ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਬਾਵਾ ਹੈਨਰੀ, ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਅਤੇ ਕਾਂਗਰਸ ਲੀਗਲ ਸੈੱਲ ਦੇ ਪਰਵਿੰਦਰ ਵਿੱਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਿਗਮ ਚੋਣਾਂ ਵਿੱਚ ਵੱਡੇ ਪੱਧਰ ’ਤੇ ਘਪਲਾ ਕੀਤਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕਾਂਗਰਸੀ ਉਮੀਦਵਾਰਾਂ ਨੂੰ ਡਰਾ ਧਮਕਾ ਕੇ ਪੁਲੀਸ ਪਹਿਰੇ ਹੇਠ ਘਰਾਂ ਵਿੱਚ ਕੈਦ ਕੀਤਾ ਗਿਆ ਸੀ। ਇੰਨਾ ਹੀ ਨਹੀਂ ਕਾਂਗਰਸੀ ਉਮੀਦਵਾਰ ਦੇ ਸਮਰਥਕਾਂ ਨੂੰ ਪੁਲੀਸ ਵੱਲੋਂ ਧਮਕੀਆਂ ਵੀ ਦਿੱਤੀਆਂ ਗਈਆਂ। ਰਾਜਿੰਦਰ ਬੇਰੀ ਨੇ ਦੋਸ਼ ਲਾਇਆ ਕਿ ਵਾਰਡ 20 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਧੱਕੇਸ਼ਾਹੀ ਕੀਤੀ ਹੈ। ਪੁਲੀਸ ਨੇ ਵੀ ਉਸ ਦਾ ਸਾਥ ਦਿੱਤਾ ਅਤੇ ਕਾਂਗਰਸੀ ਉਮੀਦਵਾਰ ਦੇ ਸਮਰਥਕਾਂ ਨੂੰ ਘਰੋਂ ਬਾਹਰ ਨਹੀਂ ਨਿਕਲਣ ਦਿੱਤਾ। ਇਸ ਦੌਰਾਨ ਹਲਕਾ ਉੱਤਰੀ ਦੇ ਵਿਧਾਇਕ ਬਾਵਾ ਹੈਨਰੀ ਨੇ ਦੋਸ਼ ਲਾਇਆ ਕਿ ਵਾਰਡ-80 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਨਾਮਜ਼ਦਗੀ ਜਾਇਜ਼ ਨਹੀਂ ਹੈ, ਕਿਉਂਕਿ ਉਸ ਨੇ ਆਪਣੇ ਨਾਮਜ਼ਦਗੀ ਫਾਰਮ ਵਿੱਚ ਇਹ ਨਹੀਂ ਦੱਸਿਆ ਹੈ ਕਿ ਉਹ ਕਿਸ ਵਾਰਡ ਤੋਂ ਚੋਣ ਲੜ ਰਿਹਾ ਹੈ। ਇਸ ਦੇ ਨਾਲ ਹੀ ਨਾਮਜ਼ਦਗੀ ਫਾਰਮ ਵਿੱਚ ਨਾ ਤਾਂ ਵੋਟ ਨੰਬਰ ਅਤੇ ਨਾ ਹੀ ਉਮੀਦਵਾਰ ਦੇ ਪ੍ਰਸਤਾਵਕ ਦਾ ਬੂਥ ਨੰਬਰ ਭਰਿਆ ਗਿਆ ਹੈ, ਜਿਸ ਕਾਰਨ ਉਮੀਦਵਾਰ ਦੀ ਨਾਮਜ਼ਦਗੀ ਜਾਇਜ਼ ਨਹੀਂ ਹੈ ਅਤੇ ਇਸ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕਰਨ ਜਾ ਰਹੇ ਹਨ।
ਸਪਲੀਮੈਂਟਰੀ ਵੋਟਰ ਸੂਚੀ ਵਿੱਚ ਹੇਰਾਫੇਰੀ: ਪਰਗਟ ਸਿੰਘ
ਜਲੰਧਰ ਕੈਂਟ ਹਲਕੇ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਿਗਮ ਚੋਣਾਂ ਵਿੱਚ ਬਹੁਤ ਧੱਕੇਸ਼ਾਹੀ ਕੀਤੀ ਹੈ। ਆਮ ਆਦਮੀ ਪਾਰਟੀ ਨੇ ਸਪਲੀਮੈਂਟਰੀ ਵੋਟਰ ਸੂਚੀ ਵਿੱਚ ਸ਼ਰੇਆਮ ਹੇਰਾਫੇਰੀ ਕੀਤੀ ਹੈ। ਸਪਲੀਮੈਂਟਰੀ ਵੋਟਰ ਸੂਚੀ ਵਿੱਚ ਨਾ ਤਾਂ ਵੋਟਰ ਦੀ ਫੋਟੋ ਹੈ, ਨਾ ਹੀ ਵੋਟਰ ਨੰਬਰ ਹੈ ਅਤੇ ਨਾ ਹੀ ਉਸਦਾ ਕੋਈ ਪਤਾ ਹੈ। ਇਸ ਤੋਂ ਸਿੱਧ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਨੇ ਸਪਲੀਮੈਂਟਰੀ ਸੂਚੀ ਵਿੱਚ ਘਪਲਾ ਕਰਕੇ ਆਪਣੇ ਉਮੀਦਵਾਰਾਂ ਨੂੰ ਜਤਾਇਆ ਹੈ।