ਨਿਹੰਗਾਂ ਵੱਲੋਂ ਐੱਸਐੱਸਪੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ
ਹਤਿੰਦਰ ਮਹਿਤਾ
ਜਲੰਧਰ, 2 ਮਈ
ਅੱਜ ਸ਼ੁੱਕਰਵਾਰ ਦੁਪਹਿਰ ਨੂੰ ਨਿਹੰਗ ਸਮੂਹਾਂ ਨੇ ਐੱਸਐੱਸਪੀ ਦਫ਼ਤਰ ਜਲੰਧਰ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ। ਮੌਕੇ ’ਤੇ ਪਹੁੰਚੇ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਮਝਾਇਆ ਅਤੇ ਵਿਰੋਧ ਪ੍ਰਦਰਸ਼ਨ ਖਤਮ ਕਰਨ ਦੀ ਬੇਨਤੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਕ ਨਿਹੰਗ ਧੜਾ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੂੰ ਮਿਲਣ ਆਇਆ ਸੀ। ਨਿਹੰਗਾਂ ਨੇ ਦੋਸ਼ ਲਗਾਇਆ ਕਿ ਜਦੋਂ ਉਹ ਐੱਸਐੱਸਪੀ ਨੂੰ ਮਿਲਣ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਬਾਹਰ ਰੋਕ ਦਿੱਤਾ ਗਿਆ। ਨਿਹੰਗ ਸਿੰਘ ਨੇ ਕਿਹਾ ਕਿ ਉਹ ਜਥੇਦਾਰ ਬਾਬਾ ਹਰੀ ਸਿੰਘ ਦੇ ਨਾਲ ਐੱਸਐੱਸਪੀ ਕੋਲ ਆਪਣੇ ਇਲਾਕੇ ਦੇ ਸਰਪੰਚ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਲਈ ਆਇਆ ਸੀ। ਉਕਤ ਸਰਪੰਚ ਵਿਰੁੱਧ ਪਹਿਲਾਂ ਵੀ ਕਈ ਐੱਫਆਈਆਰ ਦਰਜ ਹੋ ਚੁੱਕੀਆਂ ਹਨ। ਬਾਬਾ ਹਰੀ ਸਿੰਘ ਇੱਕ ਗਰੀਬ ਪਰਿਵਾਰ ਦੀ ਮਦਦ ਕਰਨ ਆਇਆ ਪਿੰਡ ਵਿਚ ਅੱਗੇ ਆਇਆ ਸੀ ਪਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਪੰਚ ਨੇ ਬਾਬਾ ਹਰੀ ਸਿੰਘ ਦੇ ਵਿਰੁੱਧ ਕੇਸ ਦਰਜ ਕਰਵਾ ਦਿੱਤਾ, ਜਦ ਕਿ ਉਸ ਸਮੇਂ ਬਾਬਾ ਹਰੀ ਸਿੰਘ ਸ੍ਰੀ ਆਨੰਦਪੁਰ ਸਾਹਿਬ ਵਿੱਚ ਮੌਜੂਦ ਸਨ। ਇਸੇ ਲਈ ਅੱਜ ਉਹ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੂੰ ਮਿਲਣ ਆਇਆ ਸੀ ਪਰ ਇਸ ਤੋਂ ਪਹਿਲਾਂ ਉਸ ਨੂੰ ਰੋਕ ਦਿੱਤਾ ਗਿਆ। ਐੱਸਐੱਚਓ ਰਵਿੰਦਰ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਨਿਹੰਗ ਸਮੂਹਾਂ ਨਾਲ ਗੱਲਬਾਤ ਕਰਕੇ ਮਾਮਲਾ ਸ਼ਾਂਤ ਕਰਵਾਇਆ।