ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ’ਤੇ ਭਾਜਪਾ ਸਰਕਾਰ ਚੁੱਪ: ਸਿਸੋਦੀਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਜੂਨ
ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਦਿੱਲੀ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਦਿੱਲੀ ਵਿੱਚ ਨਿੱਜੀ ਸਕੂਲਾਂ ਦੀ ਮਨਮਾਨੀ ’ਤੇ ਸਰਕਾਰ ਚੁੱਪ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਿਰਫ਼ ਤਿੰਨ ਮਹੀਨਿਆਂ ਵਿੱਚ ਭਾਜਪਾ ਨੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਖ਼ੂਨ ਦੇ ਹੰਝੂ ਵਹਾਉਣ ਲਈ ਮਜਬੂਰ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਜਿਸ ਪ੍ਰਾਈਵੇਟ ਸਿੱਖਿਆ ਮਾਫ਼ੀਆ ਨੂੰ ਨੱਥ ਪਾਈ ਸੀ, ਅੱਜ ਉਹੀ ਭਾਜਪਾ ਸਰਕਾਰ ਵਿੱਚ ਮਾਪਿਆਂ ’ਤੇ ਹਮਲਾ ਕਰ ਰਿਹਾ ਹੈ। ਭਾਜਪਾ ਸਰਕਾਰ ਬੱਚਿਆਂ ਦੀ ਸਿੱਖਿਆ ਅਤੇ ਫ਼ੀਸਾਂ ਵਰਗੇ ਗੰਭੀਰ ਮੁੱਦਿਆਂ ’ਤੇ ਮਾਪਿਆਂ ਨੂੰ ਹਨੇਰੇ ਵਿੱਚ ਰੱਖ ਕੇ ਕਾਨੂੰਨ ਲਿਆ ਰਹੀ ਹੈ। ਸਿਸੋਦੀਆ ਨੇ ਐਕਸ ’ਤੇ ਕਿਹਾ ਕਿ
ਦਿੱਲੀ ਵਿੱਚ ਛੋਟੇ ਮਾਸੂਮ ਬੱਚਿਆਂ ਨੂੰ ਸਕੂਲ ਸਮੇਂ ਤੋਂ ਬਾਅਦ ਸਕੂਲ ਵਿੱਚ ਰੱਖ ਕੇ ਸਜ਼ਾ ਦਿੱਤੀ ਜਾਂਦੀ ਸੀ। ਕਿਉਂਕਿ ਉਨ੍ਹਾਂ ਦੇ ਮਾਪੇ ਸਕੂਲ ਵੈਨਾਂ ਦੇ ਨਾਮ ’ਤੇ ਨਿੱਜੀ ਸਕੂਲਾਂ ਦੀ ਲੁੱਟ ਤੋਂ ਆਪਣੇ ਆਪ ਨੂੰ ਬਚਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਖ਼ੁਦ ਸਕੂਲ ਛੱਡਣ ਆਉਂਦੇ ਹਨ। ਮਨੀਸ਼ ਸਿਸੋਦੀਆ ਨੇ ਇੱਕ ਹੋਰ ਪੋਸਟ ਵਿੱਚ ਕਿਹਾ ਕਿ ਭਾਜਪਾ ਨੇ ਸਿਰਫ਼ ਤਿੰਨ ਮਹੀਨਿਆਂ ਵਿੱਚ ਦਿੱਲੀ ਦੇ ਹਸਪਤਾਲਾਂ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਰਾ ਹਾਲ ਹੈ, ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੇ ਦਹਿਸ਼ਤ ਪੈਦਾ ਕਰ ਦਿੱਤੀ ਹੈ, ਬਿਜਲੀ ਮਹਿੰਗੀ ਹੋ ਗਈ ਹੈ, ਇਸ ਤੋਂ ਇਲਾਵਾ ਬਿਜਲੀ ਕੱਟ ਵੀ ਲੱਗ ਰਹੇ ਹਨ।
ਆਤਿਸ਼ੀ ਵੱਲੋਂ ਮਾਪਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਨੇ ਐਕਸ ‘ਤੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਮਾਪਿਆਂ ਨੇ ਭਾਜਪਾ ਦੇ ਫੀਸ ਆਰਡੀਨੈਂਸ ਦਾ ਵਿਰੋਧ ਕੀਤਾ ਹੈ। ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਇਸ ਕਾਨੂੰਨ ਵਿੱਚ ਅਜਿਹਾ ਕੀ ਹੈ ਜੋ ਭਾਜਪਾ ਲੁਕਾ ਰਹੀ ਹੈ। ਮਾਪੇ ਵਾਰ-ਵਾਰ ਆਪਣੀ ਆਵਾਜ਼ ਉਠਾ ਰਹੇ ਹਨ, ਪਰ ਭਾਜਪਾ ਸਰਕਾਰ ਕਿਸੇ ਵੀ ਨਿੱਜੀ ਸਕੂਲ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਸਿੱਖਿਆ ਮੰਤਰੀ ਆਸ਼ੀਸ਼ ਸੂਦ ਦੀ ਵੀ ਆਲੋਚਨਾ ਕੀਤੀ।
ਮਾਪਿਆਂ ਵੱਲੋਂ ਫ਼ੀਸ ਵਾਧੇ ਖ਼ਿਲਾਫ਼ ਜੰਤਰ ਮੰਤਰ ’ਤੇ ਮੁਜ਼ਾਹਰਾ
ਨਵੀਂ ਦਿੱਲੀ: ਦਵਾਰਕਾ ਸਥਿਤ ਦਿੱਲੀ ਪਬਲਿਕ ਸੂਕਲ (ਡੀਪੀਐੱਸ) ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਅੱਜ ਫੀਸ ਵਧਾਉਣ ਅਤੇ ਵਿਦਿਆਰਥੀਆਂ ਨਾਲ ਭੇਦਭਾਵ ਕਰਨ ’ਤੇ ਪ੍ਰਦਰਸ਼ਨ ਕੀਤਾ। ਕਈ ਜਥੇਬੰਦੀਆਂ ਨੇ ਇਸ ਮੌਕੇ ਹਾਜ਼ਰੀ ਭਰੀ। ਮਾਪਿਆਂ ਨੇ ਕਿਹਾ ਕਿ ਜਿਹੜੇ ਵਿਦਿਆਰਥੀ ਇਸ ਸਬੰਧੀ ਸਵਾਲ ਚੁੱਕ ਰਹੇ ਹਨ, ਉਨ੍ਹਾਂ ਨੂੰ ਪ੍ਰਬੰਧਕਾਂ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਮਾਪਿਆਂ ਨੇ ਤਖਤੀਆਂ ਫੜੀਆਂ ਹੋਈਆਂ ਸਨ। ਉਹ ਦਿੱਲੀ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ।