ਨਿੱਜੀ ਸਕੂਲਾਂ ਦੀ ਮਨਮਰਜ਼ੀ ਖ਼ਿਲਾਫ਼ ਮਾਪਿਆਂ ’ਚ ਰੋਸ
ਧੂਰੀ, 9 ਅਪਰੈਲ
ਮੁੱਖ ਮੰਤਰੀ ਦੇ ਹਲਕੇ ਧੂਰੀ ਵਿੱਚ ਇੱਕ ਨਿੱਜੀ ਸਕੂਲ ਵੱਲੋਂ ਵਰਦੀਆਂ ਅਤੇ ਕਿਤਾਬਾਂ ਦੀ ਵਿਕਰੀ ਕਰਨ ਤੋਂ ਇਲਾਵਾ ਆਪਣੀ ਮਨਮਰਜ਼ੀ ਚਲਾਉਣ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼ਹਿਰ ਦੇ ਸਮਾਜ ਸੇਵੀ ਆਗੂ ਕਿਰਪਾਲ ਸਿੰਘ ਰਾਜੋਮਾਜਰਾ ਅਤੇ ਹਰਬੰਸ ਸਿੰਘ ਸੋਢੀ ਨੇ ਕਿਹਾ ਕਿ ਸ਼ਹਿਰ ਦੇ ਕੁਝ ਪ੍ਰਾਈਵੇਟ ਸਕੂਲਾਂ ਵਿੱਚ ਹਰ ਸਾਲ ਇਹ ਰੌਲਾ ਪੈਦਾ ਹੈ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਆਰਥਿਕ ਲੁੱਟ ਹੋ ਰਹੀ ਹੈ ਤੇ ਪ੍ਰਸ਼ਾਸਨ ਕੁਝ ਸਖਤ ਹਦਾਇਤਾਂ ਵੀ ਜਾਰੀ ਕਰ ਦਿੰਦਾ ਹੈ ਪਰ ਇਸ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਇਨ੍ਹਾਂ ਹੁਕਮਾਂ ਦੀ ਕੋਈ ਪ੍ਰਵਾਹ ਨਹੀਂ ਕਰਦੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਜੋ ਸਿੱਖਿਆ ਨੀਤੀ ਨੂੰ ਲੈਕੇ ਬਹੁਤ ਗੰਭੀਰ ਹੈ ਤੇ ਸਰਕਾਰ ਨੇ ਪੰਜਾਬ ਵਿੱਚ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਕਾਫੀ ਸੁਧਾਰ ਕੀਤਾ ਹੈ ਪਰ ਪੰਜਾਬ ਸਰਕਾਰ ਪੰਜਾਬ ਅੰਦਰ ਪ੍ਰਾਈਵੇਟ ਸਕੂਲਾਂ ਵੱਲ ਕਿਉ ਧਿਆਨ ਨਹੀਂ ਦੇ ਰਹੀ ਤੇ ਕੁਝ ਸਖਤ ਹਦਾਇਤਾਂ ਕਿਉ ਨਹੀਂ ਜਾਰੀ ਕੀਤੀਆਂ ਜਾਂਦੀਆਂ। ਇਸ ਮੁੱਦੇ ’ਤੇ ਭਾਜਪਾ ਆਗੂ ਰਣਦੀਪ ਦਿਓਲ ਵੱਲੋਂ ਧੂਰੀ ਦੇ ਐੱਸਡੀਐੱਮ ਵਿਕਾਸ ਹੀਰਾ ਨਾਲ ਗੱਲਬਾਤ ਕੀਤੀ ਗਈ, ਜਿਸ ’ਤੇ ਐੱਸਡੀਐੱਮ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਨੂੰ ਇਸ ਸਬੰਧੀ ਲੋੜੀ ਦੀ ਪੜਤਾਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਹਨ।
ਮਸਲਾ ਹੱਲ ਕਰਵਾਇਆ ਜਾਵੇਗਾ: ਸਿੱਖਿਆ ਅਫ਼ਸਰ
ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਗਰੂਰ ਅਤੇ ਐੱਸਡੀਐੱਮ ਧੂਰੀ ਪਾਸੋਂ ਉਨ੍ਹਾਂ ਨੂੰ ਇਸ ਸਬੰਧੀ ਪੜਤਾਲ ਦੇ ਆਦੇਸ਼ ਪ੍ਰਾਪਤ ਹੋਏ ਹਨ ਅਤੇ ਉਹ ਜਲਦ ਹੀ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਇਸ ਮਾਮਲੇ ਦਾ ਸਥਾਈ ਹੱਲ ਕਰਵਾਉਣਗੇ।