ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਡਟੇ ਕਿਸਾਨ
ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਮਈ
ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਆਜ਼ਾਦ) ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਗਿਆ ਅਤੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਕੁਲਵਿੰਦਰ ਸੋਨੀ ਲੌਂਗੋਵਾਲ ਤੇ ਸੁਰਜੀਤ ਸਿੰਘ ਭਾਦਸੋਂ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਧਰਨਾਕਾਰੀ ਕਿਸਾਨ ਬੇਮੌਸਮੀ ਬਰਸਾਤ, ਗੜ੍ਹੇਮਾਰੀ ਅਤੇ ਅੱਗ ਦੀਆਂ ਘਟਨਾਵਾਂ ਨਾਲ ਕਣਕ ਦੀ ਫਸਲ ਦੇ ਹੋਏ ਨੁਕਸਾਨ ਬਦਲੇ ਮੁਆਵਜ਼ੇ ਦੀ ਮੰਗ ਕਰ ਰਹੇ ਸਨ।
ਧਰਨੇ ਨੂੰ ਸੰਬੋਧਨ ਕਰਦਿਆਂ ਬੀ.ਕੇ.ਯੂ ਆਜ਼ਾਦ ਦੇ ਸੂਬਾ ਕਾਰਜਕਾਰੀ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਖੜੀ ਕਣਕ ਦਾ ਵੱਡੀ ਪੱਧਰ ’ਤੇ ਨੁਕਸਾਨ ਹੋਇਆ ਹੈ। ਬੇਮੌਸਮੀ ਬਰਸਾਤ ਤੇ ਗੜੇਮਾਰੀ ਨੇ ਵੀ ਕਿਸਾਨ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਕਿਸਾਨਾਂ ਦੀ ਮਸ਼ੀਨਰੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਸੜ ਚੁੱਕੀ ਹੈ ਪਰੰਤੂ ਲੋਕ ਹਿਤੈਸ਼ੀ ਕਹਾਉਣ ਵਾਲੀ ਸਰਕਾਰ ਮੁਆਵਜ਼ਾ ਦੇਣ ਲਈ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਅੱਗ ਨਾਲ ਕਣਕ ਦੇ ਹੋਏ ਨੁਕਸਾਨ ਬਦਲੇ 50 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਤੂੜੀ ਦੇ ਲਾਂਗੇ ਦਾ 5 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਸੂਬਾ ਆਗੂ ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੋਦੀ ਸਰਕਾਰ ਦੀ ਸ਼ਹਿ ’ਤੇ 13 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਚੱਲ ਰਹੇ ਮੋਰਚੇ ਨੂੰ ਉਖਾੜ ਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਅਤੇ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਸਮਾਨ ਵੀ ਖੁਰਦ ਬੁਰਦ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਚਹੇਤਿਆਂ ਉਪਰ ਟਰਾਲੀ ਚੋਰੀਆਂ ਕਰਨ ਦੇ ਦੋਸ਼ ਲੱਗੇ ਹਨ ਅਤੇ ਘਰਾਂ ’ਚੋ ਟਰਾਲੀਆਂ ਬਰਾਮਦ ਹੋਈਆਂ ਹਨ ਪਰੰਤੂ ਸਰਕਾਰ ਵਲੋਂ ਟਰਾਲੀ ਚੋਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਕਿਸਾਨ ਆਗੂ ਦੀ ਕੁੱਟਮਾਰ ਕਰਨ ਵਾਲੇ ਅਧਿਕਾਰੀ ਖ਼ਿਲਾਫ਼ ਕਾਰਵਾਈ ਮੰਗੀ
ਸੂਬਾ ਕਿਸਾਨ ਆਗੂ ਬਹਿਰਾਮਕੇ ਦੀ ਕੁੱਟਮਾਰ ਕਰਨ ਵਾਲੇ ਸ਼ੰਭੂ ਥਾਣੇ ਦੇ ਪੁਲੀਸ ਮੁਖੀ ਖ਼ਿਲਾਫ਼ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਦੋਵਾਂ ਫੋਰਮਾਂ ਦੇ ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਸਖਤ ਕਾਰਵਾਈ ਕੀਤੀ ਜਾਵੇ ਅਤੇ ਕਿਸਾਨਾਂ ਦਾ ਦੋਵੇਂ ਮੋਰਚਿਆਂ ਤੋਂ ਚੋਰੀ ਹੋਏ ਅਤੇ ਭੰਨਤੋੜ ਕੀਤੇ ਗਏ ਸਮਾਨ ਦੀ ਭਰਪਾਈ ਸਰਕਾਰ ਵਲੋਂ ਕੀਤੀ ਜਾਵੇ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਦੋਵੇਂ ਫੋਰਮਾਂ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।