ਨੈਣਾ ਦੇਵੀ ਰੋਪਵੇਅ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ: ਮੁੱਖ ਮੰਤਰੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਪਰੈਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਾਲੇ ਰੋਪਵੇਅ ਪ੍ਰਾਜੈਕਟ ਸ਼ੁਰੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਪਤਨੀ ਸਣੇ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਅਪੀਲ ਕਰਨਗੇ ਕਿ ਉਹ ਇਸ ਰੋਪਵੇਅ ਪ੍ਰਾਜੈਕਟ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਦਾ ਸਾਂਝਾ ਐਕਸ਼ਨ ਗਰੁੱਪ ਤਿਆਰ ਕਰਵਾਉਣ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਰੋਪਵੇਅ ਪ੍ਰਾਜੈਕਟ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ’ਤੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਸੁਖਾਲੀ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕੂੜ-ਪ੍ਰਚਾਰ ਤੇ ਬੇਅਰਥ ਦਾਅਵਿਆਂ ਦੇ ਬਾਵਜੂਦ ਇਹ ਪ੍ਰਾਜੈਕਟ ਸਿਰੇ ਨਹੀਂ ਚੜ੍ਹ ਸਕਿਆ। ਨਰਾਤਿਆਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਕਤੀਪੀਠ ਮਾਤਾ ਨੈਣਾ ਦੇਵੀ ਮੰਦਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਲੋਕਾਂ ਨੂੰ ਨਰਾਤਿਆਂ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਰਹੇ।