ਨੈਸ਼ਨਲ ਹੈਰਾਲਡ ਮਾਮਲੇ ’ਚ ਚਾਰਜਸ਼ੀਟ ਬਦਨਾਮ ਕਰਨ ਦੀ ਕੋਸ਼ਿਸ਼: ਤਿਵਾੜੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਅਪਰੈਲ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਨੇ ਅੱਜ ਦੋਸ਼ ਲਾਇਆ ਕਿ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਾਇਰ ਕੀਤੀ ਗਈ ਚਾਰਜਸ਼ੀਟ ਸੱਤਾਧਾਰੀ ਪਾਰਟੀ ਵੱਲੋਂ ਕਾਂਗਰਸ ਲੀਡਰਸ਼ਿਪ ਨੂੰ ਬਦਨਾਮ ਕਰਨ ਦੇ ਉਦੇਸ਼ ਨਾਲ ਦਾਇਰ ਕੀਤੀ ਗਈ ਹੈ। ਇਹ ਨਿਰੋਲ ਰਾਜਨੀਤਿਕ ਬਦਲਾਖੋਰੀ ਤਹਿਤ ਦਾਖ਼ਲ ਕਾਰਵਾਈ ਸੀ। ਇਸ ਗੱਲ ਦਾ ਪ੍ਰਗਟਾਵਾ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਕੈਪਟਨ ਸੰਦੀਪ ਸੰਧੂ ਵੀ ਮੌਜੂਦ ਰਹੇ।
ਸ੍ਰੀ ਤਿਵਾੜੀ ਨੇ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਇਸ ਮਾਮਲੇ ਵਿੱਚ ਅਦਾਲਤ ਵਿੱਚ ਕੇਸ ਲੜਿਆ ਜਾਵੇਗਾ। ਇਹ ਕੇਸ ਟਿਕ ਨਹੀਂ ਸਕੇਗਾ ਕਿਉਂਕਿ ਇਸ ਵਿੱਚ ਕੁਝ ਵੀ ਗੈਰ-ਕਾਨੂੰਨੀ ਨਹੀਂ ਸੀ। ਉਨ੍ਹਾਂ ਨੇ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਐਸੋਸੀਏਟਿਡ ਜਰਨਲਜ਼ ਲਿਮਟਿਡ (ਏਜੇਐਲ) ਦੀ ਸਥਾਪਨਾ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਹੋਰ ਸੀਨੀਅਰ ਨੇਤਾਵਾਂ ਤੇ ਆਜ਼ਾਦੀ ਘੁਲਾਟੀਆਂ ਦੁਆਰਾ ਨੈਸ਼ਨਲ ਹੈਰਾਲਡ, ਨਵਜੀਵਨ ਅਤੇ ਕੌਮੀ ਆਵਾਜ਼ ਵਰਗੇ ਅਖ਼ਬਾਰਾਂ ਨੂੰ ਕੱਢਣ ਲਈ ਕੀਤੀ ਸੀ, ਜਿਸ ਨੂੰ ਭਾਰੀ ਘਾਟੇ ਵਿੱਚ ਜਾਣਾ ਪਿਆ ਸੀ ਅਤੇ ਇਸ ਉੱਤੇ ਲਗਭਗ 90 ਕਰੋੜ ਰੁਪਏ ਦੀਆਂ ਦੇਣਦਾਰੀਆਂ ਅਤੇ ਬਕਾਇਆ ਜਮ੍ਹਾਂ ਹੋ ਗਏ ਸਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੀ ਜਾਣਦੀ ਹੈ ਕਿ ਮਾਮਲੇ ਵਿੱਚ ਕੁਝ ਵੀ ਨਹੀਂ ਹੈ ਅਤੇ ਇਹ ਕਿਸੇ ਵੀ ਕਾਨੂੰਨੀ ਪੜਤਾਲ ਦਾ ਸਾਹਮਣਾ ਨਹੀਂ ਕਰ ਸਕੇਗੀ।