ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਰਹੀ ਹੈ ਸਰਕਾਰ: ਜੌੜਾਮਾਜਰਾ
ਸੁਭਾਸ਼ ਚੰਦਰ
ਸਮਾਣਾ, 27 ਮਈ
ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਹ ਸਮਾਣਾ ਦੀਆਂ ਵਾਰਡਾਂ 3, 5, 9 ਅਤੇ 11 ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰ ਰਹੇ ਸਨ। ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਨੂੰ ਖ਼ਤਮ ਕਰਨ ਲਈ ਉਲੀਕੀ ਯੋਜਨਾਬੰਦੀ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਇਸ ਦੌਰਾਨ ਐੱਸਡੀਐੱਮ ਰਿਚਾ ਗੋਇਲ, ਈਓ ਬਰਜਿੰਦਰ ਸਿੰਘ, ਐੱਸਐੱਮਓ, ਪੁਲੀਸ ਦੇ ਅਧਿਕਾਰੀ ਤੇ ਹੋਰ ਪਤਵੰਤੇ ਮੌਜੂਦ ਸਨ। ਜੌੜਾਮਾਜਰਾ ਨੇ ਨਸ਼ਾ ਮੁਕਤੀ ਯਾਤਰਾ ਨੂੰ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਨੂੰ ਨਾਲ ਲੈ ਕੇ ਹਰ ਪਿੰਡ, ਕਸਬੇ ਤੇ ਸ਼ਹਿਰਾਂ ਦੇ ਵਾਰਡਾਂ ਤੱਕ ਪਹੁੰਚਿਆ ਜਾ ਰਿਹਾ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਇਹ ਯੁੱਧ ਜਿੱਤਿਆ ਜਾਵੇਗਾ। ਵਿਧਾਇਕ ਨੇ ਲੋਕਾਂ ਨੂੰ ਦੱਸਿਆ ਕਿ ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ ਦਾ ਵਟਸਐਪ ਨੰਬਰ 97791-00200 ’ਤੇ ਵੀ ਨਸ਼ਾ ਤਸਕਰਾਂ ਦੇ ਬਾਰੇ ਦੱਸਿਆ ਜਾ ਸਕਦਾ ਹੈ। ਇਸ ਮੌਕੇ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਵੀ ਖੇਡੇ ਗਏ।