ਨੌਜਵਾਨਾਂ ਨੂੰ ਬੇਰੁਜ਼ਗਾਰ ਕਰਨਾ ਚਾਹੁੰਦੀ ਹੈ ਸਰਕਾਰ: ਡੀਟੀਐੱਫ
ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਅਪਰੈਲ
ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਪੰਜਾਬ ਕੈਬਨਿਟ ਵੱਲੋਂ ਹਾਲ ਹੀ ਵਿੱਚ ਮੈਡੀਕਲ ਖੇਤਰ ਵਿੱਚ ਕੀਤੇ ਗਏ ਫੈਸਲਿਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਨਵੀਆਂ ਭਰਤੀਆਂ ਕਰਨ ਦੀ ਬਜਾਏ ਸਿਰਫ਼ ਸੇਵਾ ਵਾਧਾ ਕਰਕੇ ਹੀ ਡੰਗ ਟਪਾ ਰਹੀ ਹੈੈ। ਡੀਟੀਐੱਫ਼ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ ਮੈਡੀਕਲ ਕਾਲਜ ਦੇ ਪ੍ਰੋਫੈਸਰਾਂ ਦੀ ਸੇਵਾਮੁਕਤੀ ਦੀ ਉਮਰ ਵਿੱਚ ਵਾਧਾ ਕਰਕੇ ਅਤੇ ਡਾਕਟਰਾਂ ਨੂੰ ਸੇਵਾਮੁਕਤੀ ਤੋਂ ਬਾਅਦ ਠੇਕੇ ’ਤੇ ਭਰਤੀ ਕਰਕੇ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰ ਕਰਨਾ ਚਾਹੁੰਦੀ ਹੈ। ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ, ਪ੍ਰੈੱਸ ਸਕੱਤਰ ਜਸਬੀਰ ਨਮੋਲ ਅਤੇ ਵਿੱਤ ਸਕੱਤਰ ਯਾਦਵਿੰਦਰ ਪਾਲ ਨੇ ਦੋਸ਼ ਲਾਇਆ ਕਿ ਦਿੱਲੀ ਮਾਡਲ ਦਾ ਗੁਣਗਾਣ ਕਰਨ ਵਾਲੀ ‘ਆਪ’ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ‘ਆਪ’ ਸਰਕਾਰ ਦਾ ਡਰੀਮ ਪ੍ਰਾਜੈਕਟ ਮੁਹੱਲਾ ਕਲੀਨਿਕ ਬਗੈਰ ਡਾਕਟਰਾਂ ਦੇ ਚੱਲ ਰਿਹਾ ਹੈ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਸਿਹਤ ਅਤੇ ਸਿੱਖਿਆ ਵਿਭਾਗ ਸਮੇਤ ਸਾਰੇ ਵਿਭਾਗਾਂ ਵਿੱਚ ਸੇਵਾ ਵਾਧਾ ਬੰਦ ਕਰਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣ।