ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰਨ ਦੇ ਮਾਮਲੇ ’ਚ ਮੁਲਜ਼ਮ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ
ਸਿਰਸਾ, 3 ਜੂਨ
ਇਥੋਂ ਦੇ ਪਿੰਡ ਰੂਪਵਾਸ ਵਿੱਚ ਬੀਤੇ ਦਿਨ ਨੌਜਵਾਨ ਨੂੰ ਬੰਨ੍ਹ ਕੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰਨ ਦੇ ਮਾਮਲੇ ’ਚ ਪੁਲੀਸ ਨੇ ਇਕ ਹੋਰ ਸਾਜ਼ਿਸ਼ਕਰਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਬਲਵੰਤ ਸਿੰਘ ਉਰਫ਼ ਵਾਸੀ ਪਿੰਡ ਰੂਪਵਾਸ ਵਜੋਂ ਹੋਈ ਹੈ। ਨਾਥੂਸਰੀ ਚੌਪਾਟਾ ਥਾਣੇ ਦੇ ਇੰਚਾਰਜ ਇੰਸਪੈਕਟਰ ਰਾਜਕੁਮਾਰ ਨੇ ਦੱਸਿਆ ਕਿ ਜਾਂਚ ਦੌਰਾਨ ਪੁਲੀਸ ਨੇ ਮਹੱਤਵਪੂਰਨ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਕਤਲ ਦੀ ਸਾਜ਼ਿਸ਼ ਰਚਣ ਵਾਲੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਰਾਮੇਸ਼ਵਰ ਦਾਸ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ 30 ਮਈ ਦੀ ਨੂੰ ਸ਼ਾਮ ਨੂੰ ਕੁਝ ਲੋਕਾ ਉਸ ਦੇ ਪੁੱਤਰ ਨੂੰ ਜ਼ਬਰਦਸਤੀ ਗਲੀ ਤੋਂ ਚੁੱਕ ਕੇ ਆਪਣੇ ਘਰ ਲੈ ਗਏ ਅਤੇ ਉਸ ਨੂੰ ਰੱਸੀ ਨਾਲ ਬੰਨ੍ਹ ਦਿੱਤਾ ਅਤੇ ਡੰਡਿਆਂ ਨਾਲ ਕੁੱਟਮਾਰ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੀੜਤ ਦੀ ਸ਼ਿਕਾਇਤ ਦੇ ਆਧਾਰ ’ਤੇ ਨਾਥੂਸਰੀ ਚੌਪਾਟਾ ਥਾਣੇ ਵਿੱਚ ਕਤਲ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ ਅਤੇ ਜਾਂਚ ਸ਼ੁਰੂ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਮਾਮਲੇ ’ਚ ਪੁਲੀਸ ਮੁੱਖ ਮੁਲਜ਼ਮ ਪੁਲੀਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਪੁਲੀਸ ਨੇ ਇਸ ਮਾਮਲੇ ’ਚ ਅੱਠ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।