ਸਰਬਜੀਤ ਸਿੰਘ ਭੰਗੂਪਟਿਆਲਾ, 2 ਜਨਵਰੀਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਰੋਹਟੀ ਪੁਲ ਤੋਂ ਜੌੜੇਪੁਲ ਨੂੰ ਜਾਂਦੀ ਸੈਕੰਡ ਪਟਿਆਲਾ ਫੀਡਰ ਨਹਿਰ ਦੇ 23.20 ਕਿਲੋਮੀਟਰ ਟੋਟੇ ਨੂੰ 42 ਕਰੋੜ ਦੀ ਲਾਗਤ ਨਾਲ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਨਾਲ ਪਟਿਆਲਾ ਸਮੇਤ ਸੰਗਰੂਰ, ਮਾਲੇਰਕੋਟਲਾ ਤੇ ਮਾਨਸਾ ਆਦਿ ਜ਼ਿਲ੍ਹਿਆਂ ਦੀ ਕਰੀਬ 4 ਲੱਖ ਏਕੜ ਜ਼ਮੀਨ ਨੂੰ 1617 ਕਿਊਸਿਕ ਪਾਣੀ ਮਿਲੇਗਾ ਅਤੇ ਹੁਣ ਇਸ ਦੀ ਸਮਰੱਥਾ 10 ਫੀਸਦੀ ਹੋਰ ਵਧਾਈ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਰਿੰਦਰ ਗੋਇਲ ਨੇ ਕਿਹਾ ਕਿ ਮਾਹਿਰਾਂ ਮੁਤਾਬਕ 2037 ਤੱਕ ਧਰਤੀ ਹੇਠਲੇ ਪਾਣੀ ਦਾ ਸੰਕਟ ਹੋਰ ਡੂੰਘਾ ਹੋ ਜਾਵੇਗਾ ਇਸ ਲਈ ਹਰੇਕ ਵਿਅਕਤੀ ਨੂੰ ਜਲ ਸਰੋਤਾਂ ਦੀ ਸੰਭਾਲ ਤੇ ਇਸ ਦੀ ਵਰਤੋਂ ਸੰਜਮ ਨਾਲ ਕਰਨ ਲਈ ਹੰਭਲਾ ਮਾਰਨਾ ਪਵੇਗਾ। ਇਸ ਮੌਕੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਤੇਜਿੰਦਰ ਸਿੰਘ ਖਹਿਰਾ, ਨਿਗਰਾਨ ਇੰਜਨੀਅਰ ਸੁਖਜੀਤ ਭੁੱਲਰ ਆਦਿ ਮੌਜੂਦ ਸਨ।