ਪਨਬੱਸ ਮੁਲਾਜ਼ਮਾਂ ਨੇ ਕੇਂਦਰ ਦਾ ਪੁਤਲਾ ਫੂਕਿਆ
ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਜਨਵਰੀ
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਨੂੰਨ ‘ਹਿੱਟ ਐਂਡ ਰਨ’ ਦੇ ਵਿਰੋਧ ਵਿੱਚ ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਗੇਟ ਰੈਲੀ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਰੈਲੀ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਕੇਂਦਰ ਸਰਕਾਰ ਨੂੰ ਡਰਾਈਵਰ ਵਿਰੋਧੀ ਉਕਤ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ। ‘ਹਿੱਟ ਐਂਡ ਰਨ’ ਕਾਨੂੰਨ ਵਿਰੁੱਧ ਪੂਰੇ ਦੇਸ਼ ਦੇ ਡਰਾਈਵਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੀਤੀ ਹੜਤਾਲ ਕਾਰਨ ਬੀਤੇ ਦਿਨ ਜਿੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਉੱਥੇ ਅੱਜ ਵੀ ਕਈ ਡਰਾਈਵਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ। ਇਸੇ ਤਹਿਤ ਅੱਜ ਲੁਧਿਆਣਾ ਬੱਸ ਡਿਪੂ ਵਿੱਚ ਵੀ ਗੇਟ ਰੈਲੀ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸਮਸ਼ੇਰ ਸਿੰਘ ਨੇ ਕਿਹਾ ਕਿ ਠੇਕੇ ਜਾਂ ਪ੍ਰਾਈਵੇਟ ਕੰਮ ਕਰਦੇ ਡਰਾਈਵਰਾਂ ਨੂੰ ਤਾਂ ਪਹਿਲਾਂ ਨਾ-ਮਾਤਰ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਉਪਰੋਂ ਅਜਿਹੇ ਡਰਾਈਵਰ ਮਾਰੂ ਕਾਨੂੰਨ ਲਿਆ ਕੇ ਡਰਾਈਵਰਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਇਹ ਸੋਧ ਵਾਲਾ ਐਕਟ ਕਿਸੇ ਵੀ ਸੂਰਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਕਾਨੂੰਨ ਰੱਦ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਲੁਧਿਆਣਾ ਡਿਪੂ ਪ੍ਰਧਾਨ ਗੁਰਬਾਜ ਸਿੰਘ, ਸੁਰਿੰਦਰ ਸਿੰਘ, ਸੈਕਟਰੀ ਗੁਰਪ੍ਰੀਤ ਸਿੰਘ ਬੜੈਚ ਨੇ ਕਿਹਾ ਕਿ ਅੱਜ ਰੋਸ ਪ੍ਰਦਰਸ਼ਨ ਦੌਰਾਨ ਜਿੱਥੇ ਕੇਂਦਰ ਦੀਆਂ ਮੁਲਾਜ਼ਮ, ਡਰਾਈਵਰ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਗਿਆ ਉੱਥੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਭੜਾਸ ਵੀ ਕੱਢੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਬਰਾਬਰ ਕੰਮ ਦੀ ਬਰਾਬਰ ਤਨਖਾਹ ਨਹੀਂ ਦਿੱਤੀ ਜਾ ਰਹੀ, ਡਿਊਟੀ ਤੋਂ ਫਾਰਗ ਮੁਲਾਜ਼ਮਾਂ ਨੂੰ ਬਹਾਲ ਨਹੀਂ ਕੀਤਾ ਗਿਆ। ਉਨ੍ਹਾਂ ਨੇ ਘੱਟ ਤਨਖਾਹ ਵਾਲਿਆਂ ਨੂੰ ਤਨਖਾਹ ਦਾ ਵਾਧਾ ਦੇਣ, ਕੰਟਰੈਕਟਰ ਮੁਲਾਜ਼ਮਾਂ ਦੇ ਬੰਦ ਕੀਤੇ ਓਵਰਟਾਈਮ ਵਾਲੇ ਪੱਤਰ ਨੂੰ ਰੱਦ ਕੀਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ 6 ਜਨਵਰੀ ਨੂੰ ਜਲੰਧਰ ਵਿਖੇ ਹੋਣ ਵਾਲੀ ਸੂਬਾ ਮੀਟਿੰਗ ਵਿੱਚ ਤਿੱਖੇ ਸੰਘਰਸ਼ ਉਲੀਕੇ ਜਾਣਗੇ। ਇਸ ਰੋਸ ਰੈਲੀ ਵਿੱਚ ਸਰਬਜੀਤ ਸਿੰਘ, ਬਲਵੀਰ ਸਿੰਘ, ਕੁਲਵੰਤ ਸਿੰਘ, ਸਵਰਨ ਸਿੰਘ, ਪਰਮਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਦਲਜੀਤ ਸਿੰਘ, ਤਰਵਿੰਦਰ ਸਿੰਘ, ਸਿਕੰਦਰ ਸਿੰਘ ਆਦਿ ਨੇ ਵੀ ਸ਼ਿਰਕਤ ਕੀਤੀ।