ਪਰਵਾਸੀ ਮਜ਼ਦੂਰ ਕਤਲ ਮਾਮਲੇ ਵਿੱਚ ਦੋ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ
ਦੇਵੀਗੜ੍ਹ, 8 ਮਈ
ਪਟਿਆਲਾ ਦੇ ਤ੍ਰਿਪੜੀ ਨੇੜੇ ਪੁੱਡਾ ਦੇ ਪਲਾਟਾਂ ਵਿੱਚੋਂ ਮਿਲੀ ਪਰਵਾਸੀ ਮਜ਼ਦੂਰ ਦੀ ਲਾਸ਼ ਦੇ ਮਾਮਲੇ ਨੂੰ ਪੁਲੀਸ ਨੇ ਹਲ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਤ੍ਰਿਪੜੀ ਦੇ ਐਸਐਚਓ ਪ੍ਰਦੀਪ ਸਿੰਘ ਬਾਜਵਾ ‘ਤੇ ਅਧਾਰਤ ਟੀਮ ਵੱਲੋਂ ਅਧਿਕਾਰੀਆਂ ਦੀ ਅਗਵਾਈ ਹੇਠ ਸੁਲਝਾਏ ਗਏ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਪਟਿਆਲਾ ਵਿਖੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪੰਜ ਦਿਨ ਪਹਿਲਾਂ ਪੁਲੀਸ ਨੂੰ ਪੁੱਡਾ ਗਰਾਊਂਡ ਪਟਿਆਲਾ ਰਾਹਤ ਮੈਡੀਕੇਅਰ ਨੇੜੇਉਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ ਜਿਸ ਦੇ ਸਿਰ ਅਤੇ ਬਾਹਵਾਂ ਉੱਤੇ ਸੱਟਾਂ ਦੇ ਨਿਸ਼ਾਨ ਸਨ। ਮ੍ਰਿਤਕ ਦੀ ਪਛਾਣ ਮੁਕੇਸ਼ ਕੁਮਾਰ ਪੁੱਤਰ ਰਾਮ ਸਿੰਘ ਵਾਸੀ ਉਤਰ ਪ੍ਰਦੇਸ਼ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ 174 ਦੀ ਕਾਰਵਾਈ ਕੀਤੀ ਗਈ ਸੀ। ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਜਿਸ ਦੇ ਚਲਦਿਆਂ ਥਾਣਾ ਤ੍ਰਿਪੜੀ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਤਫਤੀਸ਼ ਕਰਨ ‘ਤੇ ਪਤਾ ਲੱਗਾ ਕਿ ਮੁਕੇਸ਼ ਕੁਮਾਰ ਦੀ ਹੱਤਿਆ ਲੁੱਟ ਖੋਹ ਕਰਨ ਵਾਲੇ ਗਰੋਹ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਬਲਜੀਤ ਸਿੰਘ ਬਾਈ ਅਤੇ ਗੌਰਵ ਕੁਮਾਰ ਵਾਸੀ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਤ੍ਰਿਪੜੀ ਦੇ ਐਸਐਚਓ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਮ੍ਰਿਤਕ ਮੁਕੇਸ਼ ਕੁਮਾਰ ਪੇਂਟਰ ਦਾ ਕੰਮ ਕਰਦਾ ਸੀ ਜਿਸ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਕਤਲ ਕੀਤੇ ਜਾਣ ਦਾ ਸ਼ੱਕ ਹੋਇਆ ਸੀ। ਇਸ ‘ਤੇ ਕਾਰਵਾਈ ਕਰਦੇ ਹੋਏ ਪੁਲੀਸ ਨੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮ੍ਰਿਤਕ ਦਾ ਚਾਕੂ ਅਤੇ ਰੋੜੇ ਮਾਰ ਕੇ ਕਤਲ ਕੀਤਾ ਗਿਆ ਹੈ। ਡੀ ਐਸ ਪੀ ਸਿਟੀ 2 ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਹੋਇਆ ਹੈ। ਜੋ ਪਰਵਾਸੀ ਮਜ਼ਦੂਰਾਂ ਨੂੰ ਔਰਤਾਂ ਦੀ ਮਦਦ ਨਾਲ ਸੱਟਾਂ ਮਾਰ ਕੇ ਲੁੱਟ ਖੋਹਾਂ ਕਰਦਾ ਸੀ।