For the best experience, open
https://m.punjabitribuneonline.com
on your mobile browser.
Advertisement

ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ

08:48 AM Sep 26, 2023 IST
ਪਲਾਟ ਮਾਮਲਾ  ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
ਵਿਜੀਲੈਂਸ ਦੀ ਟੀਮ ਪਲਾਟ ਖਰੀਦ ਮਾਮਲੇ ’ਚ ਗਿ੍ਰਫ਼ਤਾਰ ਮੁਲਜ਼ਮਾਂ ਨੂੰ ਪੇਸ਼ੀ ਲਈ ਅਦਾਲਤ ’ਚ ਲਿਜਾਂਦੀ ਹੋਈ। -ਫੋਟੋ: ਪੰਜਾਬੀ ਟਿ੍ਰਬਿਊਨ
Advertisement

ਭਾਜਪਾ ਆਗੂ ਦੀ ਗ੍ਰਿਫ਼ਤਾਰੀ ਲਈ ਮਸ਼ਕਾਂ ਤੇਜ਼

ਇਕਬਾਲ ਸਿੰਘ ਸ਼ਾਂਤ
ਲੰਬੀ, 25 ਸਤੰਬਰ
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਖ਼ਰ ਪੁਰਾਣੇ ਸੰਗੀ-ਸਾਥੀ ਭਗਵੰਤ ਮਾਨ ਦੀ ਸਰਕਾਰ ਦੇ ਤਿੱਖੇ ਕਾਨੂੰਨੀ ਅਸੂਲਾਂ ਵਿੱਚ ਘਿਰ ਗਏ ਹਨ। ਪਲਾਟ ਖਰੀਦ ਮਾਮਲੇ ’ਚ ਕੇਸ ਦਰਜ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਲਈ ਮਸ਼ਕਾਂ ਤੇਜ਼ ਕਰ ਦਿੱਤੀਆਂ ਹਨ। ਵਿਜੀਲੈਂਸ ਟੀਮ ਨੇ ਅੱਜ ਦੇਰ ਸ਼ਾਮ ਭਾਜਪਾ ਆਗੂ ਦੀ ਗ੍ਰਿਫ਼ਤਾਰੀ ਲਈ ਪਿੰਡ ਬਾਦਲ ਵਿਚਲੀ ਉਸ ਦੀ ਰਿਹਾਇਸ਼ ’ਤੇ ਛਾਪਾ ਮਾਰਿਆ। ਟੀਮ ਘੰਟਾ ਭਰ ਉਥੇ ਰੁਕੀ ਅਤੇ ਰਿਹਾਇਸ਼ ਦੇ ਵੱਖ-ਵੱਖ ਹਿੱਸਿਆਂ ਦੀ ਜਾਂਚ ਕੀਤੀ। ਇਸ ਮੌਕੇ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਵਿਜੀਲੈਂਸ ਟੀਮ ਪੰਜ ਗੱਡੀਆਂ ਵਿੱਚ ਡੀਐੱਸਪੀ ਗੁਰਦੇਵ ਭੱਲਾ ਦੀ ਅਗਵਾਈ ਹੇਠ ਪੁੱਜੀ, ਜਿਸ ਵਿੱਚ ਮਾਮਲੇ ਦੇ ਜਾਂਚ ਅਧਿਕਾਰੀ ਡੀਐੱਸਪੀ ਕੁਲਵੰਤ ਸਿੰਘ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਸੁਰੱਖਿਆ ਪ੍ਰਬੰਧਾਂ ਲਈ ਲੰਬੀ ਸਬ-ਡਿਵੀਜ਼ਨ ਦੇ ਡੀਐੱਸਪੀ ਜਸਪਾਲ ਸਿੰਘ ਧਾਲੀਵਾਲ, ਕਿੱਲਿਆਂਵਾਲੀ ਥਾਣਾ ਦੇ ਮੁਖੀ ਕਰਮਜੀਤ ਸਿੰਘ ਅਤੇ ਲੰਬੀ ਦੇ ਥਾਣਾ ਮੁਖੀ ਰਵਿੰਦਰ ਕੁਮਾਰ ਮੌਜੂਦ ਸਨ।
ਇਹ ਮਾਮਲਾ ਬਠਿੰਡਾ ਮਾਡਲ ਟਾਊਨ ਫੇਜ਼-1 ਨੇੜੇ ਟੀਵੀ ਟਾਵਰ ਵਿਖੇ 1560 ਵਰਗ ਗਜ਼ ਦੇ ਦੋ ਪਲਾਟਾਂ ਦੀ ਖਰੀਦ ਨਾਲ ਜੁੜਿਆ ਹੋਇਆ ਹੈ। ਮਨਪ੍ਰੀਤ ਬਾਦਲ ’ਤੇ ਦੋਸ਼ ਹੈ ਕਿ ਉਨ੍ਹਾਂ 2018 ਤੋਂ 2021 ਤੱਕ ਸੂਬਾ ਸਰਕਾਰ ’ਚ ਵਿੱਤ ਮੰਤਰੀ ਰਹਿੰਦਿਆਂ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਪਲਾਟ ਖਰੀਦੇ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੀਬ 65 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਇਆ। ਵਿਜੀਲੈਂਸ ਹੁਣ ਤੱਕ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਵਿਜੀਲੈਂਸ ਬਿਊਰੋ ਦੇ ਤਰਜਮਾਨ ਮੁਤਾਬਕ ਉਪਰੋਕਤ ਮਾਮਲੇ ਨੂੰ ਲੈ ਕੇ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਾਂ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਦੀ ਜਾਂਚ ਉਪਰੰਤ ਕੇਸ ਦਰਜ ਕੀਤਾ ਗਿਆ ਹੈ।

Advertisement

ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਦੋ ਮੁਲਜ਼ਮ ਅਦਾਲਤ ’ਚ ਪੇਸ਼

ਬਠਿੰਡਾ (ਮਨੋਜ ਸ਼ਰਮਾ): ਵਿਜੀਲੈਂਸ ਬਿਊਰੋ ਵੱਲੋਂ ਪਲਾਟ ਖਰੀਦ ਮਾਮਲੇ ਵਿੱਚ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰ ਕੀਤੇ ਗਏ ਦੋ ਕਰੀਬੀ ਕਾਰੋਬਾਰੀ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ, ਬਠਿੰਡਾ ਅਤੇ ਅਮਨਦੀਪ ਸਿੰਘ ਵਾਸੀ ਲਾਲ ਸਿੰਘ ਨਗਰ, ਬਠਿੰਡਾ ਨੂੰ ਅੱਜ ਡੀਐੱਸਪੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਕੋਰਟ ਨੰਬਰ-4 ਵਿੱਚ ਡਿਊਟੀ ਜੱਜ ਦਲਜੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਜੀਲੈਂਸ ਬਿਊਰੋ ਦੀ ਮੰਗ ’ਤੇ ਪੁੱਛਗਿਛ ਕਰਨ ਲਈ ਕਥਿਤ ਦੋਸ਼ੀਆਂ ਦਾ 28 ਸਤੰਬਰ ਤੱਕ ਰਿਮਾਂਡ ਦੇ ਦਿੱਤਾ ਹੈ। ਇਸ ਤੋਂ ਇਲਾਵਾ ਵਿਜੀਲੈੱਸ ਬਿਊਰੋ ਨੇ ਅੱਜ ਮੁਲਜ਼ਮਾਂ ਦੇ ਤੀਜੇ ਸਾਥੀ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ, ਬਠਿੰਡਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬਠਿੰਡਾ (ਸ਼ਹਿਰੀ) ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਨਾਂ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਵਿਜੀਲੈਂਸ ਦੀ ਟੀਮ ਨੇ ਜਾਂਚ ਤੋਂ ਬਾਅਦ ਲੰਘੇ ਕੱਲ੍ਹ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਬਿਕਰਮ ਸ਼ੇਰਗਿੱਲ ਸਣੇ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਐਤਵਾਰ ਰਾਤ ਨੂੰ ਰਾਜੀਵ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ ਉਨ੍ਹਾਂ ਦੇ ਤੀਜੇ ਸਾਥੀ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ, ਬਠਿੰਡਾ ਨੂੰ ਅੱਜ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉੱਧਰ, ਅੱਜ ਬਠਿੰਡਾ ਵਿੱਚ ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਅਰੋੜਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰ ਕੇ ਹੋਟਲ ਕਾਰੋਬਾਰੀ ਰਾਜੀਵ ਕੁਮਾਰ ਨੂੰ ਨਿਰਦੋਸ਼ ਦੱਸਦਿਆਂ ਉਸ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਹੈ।

ਜਾਂਚ ਮਗਰੋਂ ਕੇਸ ਦਰਜ ਕੀਤਾ: ਡੀ.ਐਸ.ਪੀ. ਕੁਲਵੰਤ ਸਿੰਘ

ਸਾਬਕਾ ਮੰਤਰੀ ਦੀ ਰਿਹਾਇਸ਼ ’ਤੇ ਛਾਪੇ ਉਪਰੰਤ ਡੀਐੱਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਇੱਥੇ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਲਈ ਪੁੱਜੇ ਸਨ, ਪਰ ਉਹ ਇੱਥੇ ਨਹੀਂ ਮਿਲੇ। ਰਿਹਾਇਸ਼ ਤੋਂ ਜਾਂਚ ਵਿੱੱਚ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਮਨਪ੍ਰੀਤ ਬਾਦਲ ਦੀ ਭਾਲ ’ਚ ਵੱਖ-ਵੱਖ ਜਗ੍ਹਾ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ’ਚ ਪੜਤਾਲ ਉਪਰੰਤ ਕੇਸ ਦਰਜ ਕੀਤਾ ਗਿਆ ਹੈ। ਮਨਪ੍ਰੀਤ ਬਾਦਲ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ’ਤੇ ਭਲਕੇ ਸੁਣਵਾਈ ਬਾਰੇ ਡੀਐੱਸਪੀ ਨੇ ਕਿਹਾ ਕਿ ਵਿਜੀਲੈਂਸ ਅਦਾਲਤ ’ਚ ਅਰਜ਼ੀ ਦਾ ਵਿਰੋਧ ਕਰੇਗੀ।

ਮਨਪ੍ਰੀਤ ਬਾਦਲ ਸੱਚ ਦਾ ਸਾਹਮਣਾ ਕਰਨ: ਮਾਨ

ਚੰਡੀਗੜ੍ਹ (ਆਤਿਸ਼ ਗੁਪਤਾ): ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਸਣੇ ਹੋਰਨਾਂ ਵਿਰੁੱਧ ਦਰਜ ਕੇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀ ਪਲਾਹੀਂ ਹੱਥ ਮਾਰ ਰਹੇ ਹਨ। ਸ੍ਰੀ ਮਾਨ ਨੇ ਕਿਹਾ ਕਿ ਸੱਚ ਬੋਲਣ ਤੇ ਸੱਚ ’ਤੇ ਪਹਿਰਾ ਦੇਣ ਵਿੱਚ ਬਹੁਤ ਫਰਕ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘‘ਪਹਿਲਾਂ ਇਹ ਲੀਡਰ ਅਕਸਰ ਕਿਹਾ ਕਰਦੇ ਸਨ ਕਿ ਉਸ ਖ਼ਿਲਾਫ਼, ਜੋ ਵੀ ਕਾਰਵਾਈ ਹੋਵੇਗੀ, ਉਹ ਉਸ ਦਾ ਸਾਹਮਣਾ ਕਰੇਗਾ। ਹੁਣ ਕਾਨੂੰਨੀ ਕਾਰਵਾਈ ਦੇ ਡਰ ਤੋਂ ਇਹ ਨੇਤਾ ਗ੍ਰਿਫ਼ਤਾਰ ਹੋਣ ਦੇ ਖਦਸ਼ੇ ਜ਼ਾਹਰ ਕਰ ਕੇ ਕਾਨੂੰਨੀ ਸੁਰੱਖਿਆ ਮੰਗ ਰਹੇ ਹਨ।’’ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸੇਵਾ ਦੀ ਆੜ ’ਚ ਇਨ੍ਹਾਂ ਨੇਤਾਵਾਂ ਨੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ, ਜਿਸ ਨੂੰ ਕਿਸੇ ਵੀ ਸੂਰਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ ਤੇ ਸਰਕਾਰ ਦੇ ਖਜ਼ਾਨੇ ਦਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਇਮਾਨਦਾਰੀ ਤੇ ਸਾਦਗੀ ਦੇ ਵੱਡੇ ਦਾਅਵੇ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ।

Advertisement
Author Image

joginder kumar

View all posts

Advertisement
Advertisement
×